-9.5 C
Toronto
Friday, December 5, 2025
spot_img
Homeਪੰਜਾਬਪੰਜਾਬ ਸਰਕਾਰ ਵੱਲੋਂ 'ਵੀਰ ਬਾਲ ਦਿਵਸ' ਤਹਿਤ ਸਮਾਗਮ ਕਰਵਾਉਣੇ ਸਿੱਖ ਪ੍ਰੰਪਰਾਵਾਂ ਵਿਰੁੱਧ...

ਪੰਜਾਬ ਸਰਕਾਰ ਵੱਲੋਂ ‘ਵੀਰ ਬਾਲ ਦਿਵਸ’ ਤਹਿਤ ਸਮਾਗਮ ਕਰਵਾਉਣੇ ਸਿੱਖ ਪ੍ਰੰਪਰਾਵਾਂ ਵਿਰੁੱਧ : ਐਡਵੋਕੇਟ ਧਾਮੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 12 ਦਸੰਬਰ ਨੂੰ ਲੁਧਿਆਣਾ ਵਿਖੇ ਆਯੋਜਤ ਕੀਤੇ ਜਾ ਰਹੇ ਰਾਜ ਪੱਧਰੀ ‘ਵੀਰ ਬਾਲ ਦਿਵਸ’ ਪ੍ਰੋਗਰਾਮ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਵਿਰੁੱਧ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸਿਧਾਂਤਾਂ, ਰਵਾਇਤਾਂ, ਪਰੰਪਰਾਵਾਂ ਅਤੇ ਕਦਰਾਂ ਕੀਮਤਾਂ ਦੇ ਵਿਰੁੱਧ ਕੋਈ ਵੀ ਕਾਰਵਾਈ ਸਿੱਖ ਮਾਨਸਿਕਤਾ ਨੂੰ ਸੱਟ ਮਾਰਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀਰ ਬਾਲ ਦਿਵਸ ਸਬੰਧੀ ਕੀਤੇ ਨਿਰਦੇਸ਼ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦੀ ਪਵਿੱਤਰਤਾ ਨੂੰ ਠੇਸ ਪਹੁੰਚਾਉਣ ਅਤੇ ਘੱਟ ਕਰਨ ਵਾਲੇ ਹਨ। ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਸੰਗਿਆ ਨਾਲ ਜੋੜ ਕੇ ਵੀਰ ਬਾਲ ਦਿਵਸ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੀ ਭਾਵਨਾ ਤੇ ਸਿੱਖ ਰਵਾਇਤਾਂ ਦੇ ਵਿਰੁੱਧ ਹੈ।
ਸਿੱਖ ਇਤਿਹਾਸ ਅਤੇ ਪ੍ਰੰਪਰਾਵਾਂ ਦੇ ਮੱਦੇਨਜ਼ਰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਵੱਡੇ ਯੋਧਿਆਂ ਵਰਗੀਆਂ ਹਨ, ਇਸੇ ਲਈ ਸਾਹਿਬਜ਼ਾਦਿਆਂ ਨੂੰ ਸੰਬੋਧਨ ਸਮੇਂ ਬਾਬਾ ਸ਼ਬਦ ਨਾਲ ਸਤਿਕਾਰ ਦਿੱਤਾ ਜਾਂਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮੇਂ ਕਰਵਾਏ ਕਈ ਧਾਰਮਿਕ ਸਮਾਗਮਾਂ ‘ਚ ਵੀ ਮਰਯਾਦਾ ਅਤੇ ਪ੍ਰੰਪਰਾਵਾਂ ਦਾ ਉਲੰਘਣ ਕੀਤਾ ਗਿਆ, ਜਿਸ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਸਰਕਾਰ ਨੇ ਗੁਰਮਤਿ ਸਮਾਗਮਾਂ ਨੂੰ ਕੇਵਲ ਇਕ ਸਰਕਾਰੀ ਪ੍ਰੋਗਰਾਮ ਬਣਾ ਕੇ ਪੰਜਾਬ ਦੇ ਖ਼ਜ਼ਾਨੇ ਦਾ ਫਾਇਦਾ ਬਾਹਰੀ ਕੰਪਨੀਆਂ ਨੂੰ ਪਹੁੰਚਾਇਆ। ਉਨ੍ਹਾਂ ਕਿਹਾ ਕਿ ਹੁਣ ‘ਵੀਰ ਬਾਲ ਦਿਵਸ’ ਦੇ ਪ੍ਰੋਗਰਾਮ ਤਹਿਤ ਫੈਸੀ ਡਰੈੱਸ ਮੁਕਾਬਲੇ ਦੇ ਨਾਂ ‘ਤੇ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਡਰੈੱਸ ਪਵਾ ਕੇ ਸਕੂਲਾਂ ਵਿਚ ਮੁਕਾਬਲੇ ਕਰਵਾਉਣ ਦਾ ਅਮਲ ਸਿੱਖ ਮਰਯਾਦਾ ਦੇ ਖਿਲਾਫ਼ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਵੀਰ ਬਾਲ ਦਿਵਸ ਸਬੰਧੀ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਕੇਂਦਰ ਸਰਕਾਰ ਨੂੰ ਇਸ ਦਾ ਨਾਮ ਬਦਲਣ ਲਈ ਲਿਖਿਆ ਗਿਆ ਸੀ, ਪਰ ਸਰਕਾਰ ਨੇ ਇਸ ਨੂੰ ਅੱਜ ਤੱਕ ਗੰਭੀਰਤਾ ਨਾਲ ਨਹੀਂ ਲਿਆ।

RELATED ARTICLES
POPULAR POSTS