ਕਿਸਾਨਾਂ ਨੂੰ ਕਰਜ਼ੇ ਦੀ ਜਕੜ ‘ਚੋਂ ਬਾਹਰ ਕੱਢਣ ਲਈ ਮੋਦੀ ਨੂੰ ਕੀਤੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ੇ ਵਿੱਚ ਡੁੱਬੇ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕਜ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਅਪੀਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਮੀਟਿੰਗ ਦੌਰਾਨ ਕੀਤੀ ਹੈ।
ਮੁੱਖ ਮੰਤਰੀ ਨੇ ਇਸ ਮੀਟਿੰਗ ਨੂੰ ਇੱਕ ਸ਼ਿਸ਼ਟਾਚਾਰ ਮਿਲਣੀ ਦੱਸਿਆ ਜਿਸ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਮੁੱਦੇ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਕੈਪਟਨ ਅਮਰਿੰਦਰ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ ਕੇਂਦਰ ਕੋਲੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ ਪਰ ਫਿਰ ਵੀ ਉਨ੍ਹਾਂ ਦੀ ਸਰਕਾਰ ਸੂਬੇ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਮੰਤਰੀ ਮੰਡਲ ਨੇ ਆਪਣੀ ਪਹਿਲੀ ਮੀਟਿੰਗ ਵਿੱਚ ਕਾਂਗਰਸ ਦੇ ਚੋਣ ਮੈਨੀਫੈਸਟੋ ਮੁਤਾਬਕ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ‘ਚ ਕਿਸਾਨ ਖੁਦਕੁਸ਼ੀਆਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਰਜ਼ੇ ਦੀ ਜਕੜ ਵਿੱਚੋਂ ਪੰਜਾਬ ਦੇ ਕਿਸਾਨਾਂ ਨੂੰ ਬਾਹਰ ਕੱਢਣ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਬੇਨਤੀ ਕੀਤੀ ਹੈ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਵੀ ਮੁਲਾਕਾਤ ਕੀਤੀ ਹੈ। ਅਰੁਣ ਜੇਤਲੀ ਨੇ ਕੈਪਟਨ ਨੂੰ ਯਕੀਨ ਦਿਵਾਇਆ ਕਿ ਕਣਕ ਦੀ ਖ਼ਰੀਦ ਸਬੰਧੀ ਸਾਰੇ ਢੁਕਵੇਂ ਪ੍ਰਬੰਧ 25 ਮਾਰਚ ਤੋਂ ਅਮਲ ਵਿਚ ਲਿਆ ਦਿੱਤੇ ਜਾਣਗੇ।
Check Also
ਰਾਮਨੌਮੀ ਦਾ ਤਿਉਹਾਰ ਦੇਸ਼ ਅਤੇ ਵਿਦੇਸ਼ਾਂ ’ਚ ਧੂਮਧਾਮ ਨਾਲ ਮਨਾਇਆ ਗਿਆ
ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ ਨਵੀਂ …