
ਨਵੀਂ ਦਿੱਲੀ/ਬਿਊਰੋ ਨਿਊਜ਼
ਸਰਦ ਰੁੱਤ ਇਜਲਾਸ ਦੌਰਾਨ ਅੱਜ ਇੰਡੀਗੋ ਦੇ ਸੰਚਾਲਣ ਸੰਕਟ ਦਾ ਮੁੱਦਾ ਉਠਾਇਆ ਗਿਆ। ਕਾਂਗਰਸ ਸੰਸਦ ਮੈਂਬਰ ਗੌਰਵ ਗੋਗੋਈ ਨੇ ਇੰਡੀਗੋ ਦੇ ਸੰਚਾਲਣ ਵਿਚ ਵਿਘਨ ਕਾਰਨ ਯਾਤਰੀਆਂ ਨੂੰ ਹੋ ਰਹੀ ਅਸੁਵਿਧਾ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਰਕਾਰ ਨੂੰ ਸੰਸਦ ਦੇ ਫਲੋਰ ਤੋਂ ਦੱਸਣਾ ਚਾਹੀਦਾ ਹੈ ਕਿ ਉਹ ਸੰਕਟ ਨੂੰ ਹੱਲ ਕਰਨ ਲਈ ਕੀ ਕਦਮ ਚੁੱਕ ਰਹੀ ਹੈ। ਪ੍ਰਸ਼ਨ ਕਾਲ ਖਤਮ ਹੋਣ ਤੋਂ ਤੁਰੰਤ ਬਾਅਦ ਇੰਡੀਗੋ ਦਾ ਮੁੱਦਾ ਉਠਾਉਂਦੇ ਹੋਏ, ਗੋਗੋਈ ਨੇ ਕਿਹਾ ਕਿ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਹਵਾਬਾਜ਼ੀ ਮੰਤਰਾਲਾ ਸੰਕਟ ਨੂੰ ਹੱਲ ਕਰਨ ਲਈ ਕੀ ਉਪਾਅ ਕਰ ਰਿਹਾ ਹੈ। ਇਸੇ ਦੌਰਾਨ ਸਪੀਕਰ ਓਮ ਬਿਰਲਾ ਨੇ ਗੋਗੋਈ ਨੂੰ ਭਰੋਸਾ ਦਿੱਤਾ ਕਿ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸਦਨ ਵਿਚ ਆਉਣਗੇ ਅਤੇ ਸਵਾਲ ਦਾ ਜਵਾਬ ਦੇਣਗੇ। ਜ਼ਿਕਰਯੋਗ ਹੈ ਕਿ ਇੰਡੀਗੋ ਵਿਚ ਚੱਲ ਰਿਹਾ ਸੰਕਟ ਅੱਜ 7ਵੇਂ ਦਿਨ ਵੀ ਜਾਰੀ ਰਿਹਾ। ਇਸਦੇ ਚੱਲਦਿਆਂ ਵੱਖ-ਵੱਖ ਹਵਾਈ ਅੱਡਿਆਂ ’ਤੇ ਇੰਡੀਗੋ ਦੀਆਂ ਕਈ ਉਡਾਣਾਂ ਰੱਦ ਹੋਈਆਂ ਹਨ।

