
ਕਰਨਾਟਕ ਦੇ ਡਿਪਟੀ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ ਨੇ ਡਾ. ਸਿੱਧੂ ਨੂੰ ਦਿੱਤੀ ਨਵੀਂ ਸਲਾਹ
ਚੰਡੀਗੜ੍ਹ/ਬਿਊਰੋ ਨਿਊਜ਼
ਡਾ. ਨਵਜੋਤ ਕੌਰ ਸਿੱਧੂ ਵਲੋਂ 500 ਕਰੋੜ ਰੁਪਏ ਬਾਰੇ ਕੀਤੀ ਟਿੱਪਣੀ ਨਾਲ ਸਿਆਸੀ ਹਲਕਿਆਂ ਵਿਚ ਹਲਚਲ ਮਚੀ ਹੋਈ ਹੈ। ਇਸਦੇ ਚੱਲਦਿਆਂ ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ ਨੇ ਕਾਂਗਰਸ ਆਗੂ ਡਾ. ਨਵਜੋਤ ਕੌਰ ਸਿੱਧੂ ਨੂੰ ਨਵੀਂ ਸਲਾਹ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਕਿਸੇ ‘ਚੰਗੇ ਮਾਨਸਿਕ ਹਸਪਤਾਲ’ ਵਿੱਚ ਦਾਖਲ ਹੋ ਜਾਣਾ ਚਾਹੀਦਾ ਹੈ। ਧਿਆਨ ਰਹੇ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਜੋ 500 ਕਰੋੜ ਰੁਪਏ ਵਾਲਾ ਸੂਟਕੇਸ ਦਿੰਦਾ ਹੈ, ਉਹੀ ਮੁੱਖ ਮੰਤਰੀ ਬਣਦਾ ਹੈ। ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹੰਗਾਮਾ ਮਚ ਗਿਆ ਅਤੇ ਭਾਜਪਾ ਤੇ ਆਮ ਆਦਮੀ ਪਾਰਟੀ ਨੇ ਕਾਂਗਰਸ ’ਤੇ ਤਿੱਖਾ ਹਮਲਾ ਕੀਤਾ। ਨਵਜੋਤ ਕੌਰ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਾਂ ਹੀ ਸਰਗਰਮ ਸਿਆਸਤ ਵਿੱਚ ਵਾਪਸ ਆਉਣਗੇ ਜੇਕਰ ਕਾਂਗਰਸ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਐਲਾਨ ਕਰਦੀ ਹੈ।

