
ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਵਿੱਚੋਂ ਕੀਤਾ ਗਿਆ ਹੈ ਮੁਅੱਤਲ
ਚੰਡੀਗੜ੍ਹ/ਬਿਊਰੋ ਨਿਊਜ਼
ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਡਾ. ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਵੜਿੰਗ ’ਤੇ ਮੁੱਖ ਮੰਤਰੀ ਦੀ ਚਾਪਲੂਸੀ ਕਰਨ ਦੇ ਇਲਜ਼ਾਮ ਲਗਾਏ ਹਨ। ਡਾ. ਸਿੱਧੂ ਨੇ ਰਾਜਾ ਵੜਿੰਗ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਵੜਿੰਗ ਨੇ ਪੰਜਾਬ ਕਾਂਗਰਸ ਨੂੰ ਟੁਕੜਿਆਂ ਵਿਚ ਵੰਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਮਾਮਲਿਆਂ ਵਿਚ ਗਿ੍ਰਫਤਾਰੀ ਦੇ ਡਰੋਂ ਵੜਿੰਗ ਪੰਜਾਬ ਦੇ ਮੁੱਖ ਮੰਤਰੀ ਦੀ ਚਾਪਲੂਸੀ ਕਰ ਰਹੇ ਹਨ। ਧਿਆਨ ਰਹੇ ਕਿ ਡਾ. ਨਵਜੋਤ ਕੌਰ ਸਿੱਧੂ ਵੱਲੋਂ ਲੰਘੀ 6 ਦਸੰਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਹੋਣੇ ਚਾਹੀਦੇ ਹਨ। ਇਸ ਬਿਆਨ ਨੂੰ ਲੈ ਕੇ ਉਹ ਵਿਵਾਦਾਂ ਵਿੱਚ ਚੱਲ ਰਹੇ ਹਨ। ਡਾ. ਨਵਜੋਤ ਕੌਰ ਸਿੱਧੂ ਦੇ ਇਸ ਬਿਆਨ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਵੀ ਸਿਆਸਤ ਗਰਮਾਈ ਹੋਈ ਹੈ। ਇਸ ਦੌਰਾਨ ਕੁਝ ਕਾਂਗਰਸੀ ਆਗੂਆਂ ਵੱਲੋਂ ਵੀ ਇੱਕ ਦੂਜੇ ’ਤੇ ਟਿੱਪਣੀਆਂ ਕੀਤੀਆਂ ਜਾ ਰਹੀਆਂ ਸਨ। ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਡਾ. ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜ ਦਿੱਤਾ ਹੈ। ਧਿਆਨ ਰਹੇ ਕਿ ਡਾ. ਸਿੱਧੂ ਨੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਵੀ ਕਈ ਇਲਜ਼ਾਮ ਲਗਾਏ ਸਨ।

