
ਵਲਟੋਹਾ ਸਣੇ 5 ਸਿੱਖ ਆਗੂਆਂ ਨੂੰ ਸੁਣਾਈ ਗਈ ਹੈ ਧਾਰਮਿਕ ਸਜ਼ਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲੰਘੇ ਕੱਲ੍ਹ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ ਸੀ ਅਤੇ ਇਸ ਇਕੱਤਰਤਾ ਦੌਰਾਨ ਵਿਰਸਾ ਸਿੰਘ ਵਲਟੋਹਾ ਸਣੇ 5 ਸਿੱਖ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਜੋੜਾ ਘਰ ਵਿਚ ਸੰਗਤ ਦੇ ਜੋੜੇ ਸਾਫ ਕਰਨ ਅਤੇ ਲੰਗਰ ਹਾਲ ਵਿਚ ਸੰਗਤ ਦੇ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਇਨ੍ਹਾਂ 5 ਸਿੱਖ ਆਗੂਆਂ ’ਤੇ ਸਿੱਖ ਮਰਿਆਦਾ ਅਤੇ ਪੰਥਕ ਮਰਿਆਦਾ ਦਾ ਉਲੰਘਣ ਕਰਨ ਦਾ ਇਲਜ਼ਾਮ ਹੈ। ਇਨ੍ਹਾਂ 5 ਆਗੂਆਂ ਵਿਚ ਵਿਰਸਾ ਸਿੰਘ ਵਲਟੋਹਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ, ਹਰਿੰਦਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਪੰਜਾਬ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਸ਼ਾਮਲ ਹਨ। ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਪੰਥਕ ਮਰਿਆਦਾ ਦਾ ਪਾਲਣ ਕਰਨਾ ਸਾਰਿਆਂ ਲਈ ਜ਼ਰੂਰੀ ਹੈ।

