
ਐਡਵੋਕੇਟ ਧਾਮੀ ਨੇ ਮੀਟਿੰਗ ਤੋਂ ਬਾਅਦ ਦਿੱਤੀ ਜਾਣਕਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵਲੋਂ ਦਰਜ ਕੀਤੇ ਪੁਲਿਸ ਕੇਸ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸ਼ੋ੍ਰਮਣੀ ਕਮੇਟੀ ਨੇ ਸਰਕਾਰ ਦੀ ਇਸ ਕਾਰਵਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਿੱਧੀ ਚੁਣੌਤੀ ਤੇ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰਾਰ ਦਿੱਤਾ ਹੈ। ਅੰਮਿ੍ਰਤਸਰ ’ਚ ਹੋਈ ਅੰਤਿੰ੍ਰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਮਾਮਲਾ ਪਾਵਨ ਸਰੂਪਾਂ ਦੀ ਬੇਅਦਬੀ ਦਾ ਨਹੀਂ, ਸਗੋਂ ਹੇਰਾਫੇਰੀ ਨਾਲ ਸੰਬੰਧਿਤ ਹੈ। ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਇੱਕ ਮੈਂਬਰੀ ਜਾਂਚ ਕਮੇਟੀ ਵੱਲੋਂ ਇਸ ਦੀ ਜਾਂਚ ਕੀਤੀ ਗਈ ਸੀ ਅਤੇ ਜਾਂਚ ਰਿਪੋਰਟ ਵਿੱਚ 16 ਵਿਅਕਤੀਆਂ ਨੂੰ ਜਿੰਮੇਵਾਰ ਠਹਿਰਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਕਾਰਵਾਈ ਵੀ ਕੀਤੀ ਗਈ ਸੀ।

