
ਸੀਐਮ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਬੈਂਸ ਦਾ ਜ਼ਿਲ੍ਹਾ ਵੀ ਇਸ ’ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਉਚਾ ਚੁੱਕਣ ਦੇ ਦਾਅਵੇ ਤਾਂ ਕਰ ਰਹੀ ਹੈ, ਪਰ ਬੱਚਿਆਂ ਦੇ ਮਾਪਿਆਂ ਦਾ ਮੋਹ ਸਰਕਾਰੀ ਸਕੂਲਾਂ ਤੋਂ ਭੰਗ ਹੁੰਦਾ ਜਾ ਰਿਹਾ ਹੈ। ਮੀਡੀਆ ’ਚ ਆਈ ਜਾਣਕਾਰੀ ਦੇ ਮੁਤਾਬਕ ਸਰਕਾਰੀ ਸਕੂਲਾਂ ਵਿਚ ਹੋਣ ਵਾਲੇ ਦਾਖਲਿਆਂ ਦੇ ਗਰਾਫ ਵਿਚ ਗਿਰਾਵਟ ਆ ਰਹੀ ਹੈ। ਪਿਛਲੇ ਸਾਲ ਦੀ ਤੁਲਣਾ ਵਿਚ ਇਸ ਸਾਲ ਪ੍ਰੀ-ਪਾਇਮਰੀ ਤੋਂ ਪੰਜਵੀਂ ਜਮਾਤ ਵਿਚ ਦਾਖਲੇ ਲੈਣ ਵਾਲੇ ਵਿਦਿਆਰਥੀਆਂ ਦੀ ਸੰਖਿਆ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ 23 ਜ਼ਿਲ੍ਹਿਆਂ ਵਿਚੋਂ 17 ਜ਼ਿਲ੍ਹਿਆਂ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿਚ ਕਮੀ ਆਈ ਹੈ ਅਤੇ ਸਿਰਫ 6 ਜ਼ਿਲ੍ਹਿਆਂ ਵਿਚ ਹੀ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਪਣੇ-ਆਪਣੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵੀ ਘਟੀ ਹੈ।

