ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਖੁਲਾਸਾ ਕੀਤਾ ਕਿ ਉਹ ਹਾਈ ਕਮਾਂਡ ਨਾਲ ਗੱਲਬਾਤ ਕਰ ਰਹੀ ਹੈ, ਪਰ ਉਹ ਚੋਰਾਂ ਦਾ ਸਮਰਥਨ ਨਹੀਂ ਕਰੇਗੀ। ਡਾ. ਸਿੱਧੂ ਨੇ ਕਿਹਾ ਕਿ ਉਹ ਪਾਰਟੀ ਨਾਲ ਤਾਂ ਕੰਮ ਕਰ ਸਕਦੀ ਹੈ, ਜੇ ਇਹ ਪਾਰਟੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਪਾਸੇ ਕਰੇ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਉਹ ਰਾਜਪਾਲ ਨਾਲ ਮੁਲਾਕਾਤ ਲਈ ਗਏ ਸੀ ਤਾਂ ਮੀਡੀਆ ਨੇ ਉਨ੍ਹਾਂ ਦੇ ਬਿਆਨਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ। ਧਿਆਨ ਰਹੇ ਕਿ ਡਾ. ਨਵਜੋਤ ਕੌਰ ਸਿੱਧੂ ਵੱਲੋਂ ਲੰਘੀ 6 ਦਸੰਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਹੋਣੇ ਚਾਹੀਦੇ ਹਨ। ਇਸ ਬਿਆਨ ਨੂੰ ਲੈ ਕੇ ਉਹ ਵਿਵਾਦਾਂ ਵਿੱਚ ਚੱਲ ਰਹੇ ਹਨ।

