
ਕਿਹਾ : ਸਰਕਾਰ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਏ ਰਣਨੀਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਹਵਾ ਪ੍ਰਦੂਸ਼ਣ ਦਾ ਮੁੱਦਾ ਸਦਨ ਵਿਚ ਉਠਾਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਜ਼ਿਆਦਾਤਰ ਵੱਡੇ ਸ਼ਹਿਰ ਜ਼ਹਿਰੀਲੀ ਹਵਾ ਦੀ ਲਪੇਟ ਵਿਚ ਹਨ। ਰਾਹੁਲ ਨੇ ਕਿਹਾ ਕਿ ਇਸ ਹਵਾ ਪ੍ਰਦੂਸ਼ਣ ਨਾਲ ਲੱਖਾਂ ਬੱਚੇ ਫੇਫੜਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਹੋ ਰਹੇ ਹਨ ਅਤੇ ਉਨ੍ਹਾਂ ਦਾ ਭਵਿੱਖ ਖਤਰੇ ਵਿਚ ਪੈ ਰਿਹਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਮੁੱਦਾ ਹੈ ਅਤੇ ਸਾਨੂੰ ਵਿਸ਼ਵਾਸ਼ ਹੈ ਕਿ ਇਸ ਮਾਮਲੇ ’ਤੇ ਸਰਕਾਰ ਦੀ ਸਾਡੇ ਨਾਲ ਸਹਿਮਤੀ ਬਣੇਗੀ। ਇਸੇ ਦੌਰਾਨ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਸੀ ਕਿ ਅਸੀਂ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਆਗੂਆਂ ਕੋਲੋਂ ਵੀ ਸੁਝਾਅ ਲੈਣ ਲਈ ਤਿਆਰ ਹੈ।

