
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ ਨੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੰੁਦੇ ਸਾਰ ਹੀ ਕੰਮ ਰੋਕੂ ਮਤਾ ਪੇਸ਼ ਕੀਤਾ। ਉਨ੍ਹਾਂ ਨੇ ਕੌਮੀ ਰਾਜਧਾਨੀ ਦਿੱਲੀ ਵਿੱਚ ਹਵਾ ਦੀ ਗੁਣਵੱਤਾ ’ਚ ਚਿੰਤਾਜਨਕ ਗਿਰਾਵਟ ਕਾਰਨ ਗੰਭੀਰ ਸਥਿਤੀ ਨੂੰ ਦੇਖਦਿਆਂ ਫੌਰੀ ਚਰਚਾ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਲੋਕ ਸਭਾ ਦੇ ਬਾਹਰ ਗੱਲਬਾਤ ਕਰਦਿਆਂ ਸਰਕਾਰ ਉਪਰ ਤਿੱਖਾ ਸਿਆਸੀ ਹਮਲਾ ਕਰਦਿਆਂ ਇਲਜ਼ਾਮ ਲਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਦਿੱਲੀ ਵਿੱਚ ਭਾਜਪਾ ਸਰਕਾਰ ਨੇ ਇਸ ਗੰਭੀਰ ਮਾਮਲੇ ਬਾਰੇ ਚੁੱਪ ਧਾਰ ਰੱਖੀ ਹੈ। ਡਾਕਟਰ ਅਮਰ ਸਿੰਘ ਨੇ ਲੋਕ ਸਭਾ ਦੇ ਸਕੱਤਰ ਜਨਰਲ ਅਤੇ ਸਪੀਕਰ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਦਿੱਲੀ ਦੀ ਹਵਾ ਗੁਣਵੱਤਾ ਸੂਚਕ ਅੰਕ 500 ਨੂੰ ਛੂਹ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਖਤਰਨਾਕ ਹਵਾ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ, ਸਾਹ ਤੇ ਦਿਲ ਦੀਆਂ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਲਈ ਗੰਭੀਰ ਖਤਰਾ ਬਣ ਗਈ ਹੈ।

