
ਰਾਜਾ ਵੜਿੰਗ ਨੇ ਕਾਊਂਟਿੰਗ ਦੀ ਵੀਡੀਓਗ੍ਰਾਫੀ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਲਈ ਲੰਘੇ ਕੱਲ੍ਹ 14 ਦਸੰਬਰ ਨੂੰ ਵੋਟਾਂ ਪੈ ਚੁੱਕੀਆਂ ਹਨ। ਇਨ੍ਹਾਂ ਵੋਟਾਂ ਦੇ ਨਤੀਜੇ 17 ਦਸੰਬਰ ਦਿਨ ਬੁੱਧਵਾਰ ਨੂੰ ਐਲਾਨੇ ਜਾਣਗੇ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਾਈਕੋਰਟ ਦਾ ਰੁਖ ਕਰਦਿਆਂ ਮੰਗ ਕੀਤੀ ਹੈ ਕਿ ਇਨ੍ਹਾਂ ਵੋਟਾਂ ਦੀ ਗਿਣਤੀ ਦੇ ਪੂਰੇ ਅਮਲ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ। ਵੜਿੰਗ ਨੇ ਆਪਣੇ ਵਕੀਲ ਰਾਹੀਂ ਦਾਇਰ ਪਟੀਸ਼ਨ ਵਿੱਚ ਦਾਅਵਾ ਕੀਤਾ ਕਿ ਇਹ ਪਟੀਸ਼ਨ ਚੋਣਾਂ ਦੌਰਾਨ ਚੋਣ ਅਮਲ ਦੀ ਸ਼ੁੱਧਤਾ, ਪਾਰਦਰਸ਼ਤਾ ਅਤੇ ਭਰੋਸੇਯੋਗਤਾ ਦੀ ਰਾਖੀ ਲਈ ਦਾਇਰ ਕੀਤੀ ਗਈ ਹੈ। ਪਟੀਸ਼ਨਰ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਚੋਣ ਅਮਲ ਦਾ ਇੱਕ ਅਨਿੱਖੜਵਾਂ ਅਤੇ ਫੈਸਲਾਕੁਨ ਪੜਾਅ ਹੈ, ਜੋ ਨਤੀਜੇ ਦਾ ਐਲਾਨ ਹੋਣ ਤੱਕ ਜਾਰੀ ਰਹਿੰਦਾ ਹੈ।

