
‘ਆਪ’ ਨੂੰ ਅਕਾਲੀ ਦਲ ਤੇ ਕਾਂਗਰਸ ਨੇ ਦਿੱਤੀ ਸਖਤ ਟੱਕਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲੰਘੇ ਐਤਵਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਾਂ ਪਈਆਂ ਸਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ। ਅਖੀਰੀ ਖਬਰਾਂ ਮਿਲਣ ਤੱਕ ਇਨ੍ਹਾਂ ਚੋਣਾਂ ਵਿਚ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦੀ ਝੰਡੀ ਰਹੀ ਹੈ। ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਸਖਤ ਟੱਕਰ ਦਿੱਤੀ ਹੈ। ਇਸੇ ਤਰ੍ਹਾਂ ਸ਼ੋ੍ਰਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤ ਅਕਾਲੀ ਦਲ ਨੇ ਸਿਆਸੀ ਨੁਕਸਾਨ ਪਹੁੰਚਾਇਆ ਹੈ। ਇਸਦੇ ਚੱਲਦਿਆਂ ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਵਿਚ ਹੰਗਾਮਾ ਵੀ ਹੁੰਦਾ ਰਿਹਾ। ਵਿਰੋਧੀ ਸਿਆਸੀ ਪਾਰਟੀਆਂ ਨੇ ਆਮ ਆਦਮੀ ਪਾਰਟੀ ’ਤੇ ਧੱਕਾਸ਼ਾਹੀ ਕਰਨ ਦੇ ਇਲਜ਼ਾਮ ਵੀ ਲਗਾਏ ਹਨ। ਇਹ ਵੀ ਦੱਸਣਯੋਗ ਹੈ ਕਿ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਜੱਦੀ ਪਿੰਡ ਕੁਰੜ ਤੋਂ ਸ਼ੋ੍ਰਮਣੀ ਅਕਾਲੀ ਦਲ ਦਾ ਉਮੀਦਵਾਰ ਜਿੱਤਿਆ ਹੈ। ਇਸੇ ਤਰ੍ਹਾਂ ਹੋਰ ਵੀ ਕਈ ਅਜਿਹੇ ਇਲਾਕੇ ਹਨ, ਜਿੱਥੇ ਆਮ ਆਦਮੀ ਪਾਰਟੀ ਦਾ ਬੋਲਬਾਲਾ ਸੀ, ਪਰ ਉਨ੍ਹਾਂ ਇਲਾਕਿਆਂ ਵਿਚੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤੇ ਹਨ।
ਕਪੂਰਥਲਾ ’ਚ ਰੀ-ਕਾਊਂਟਿੰਗ ਦੀ ਮੰਗ ਨੂੰ ਲੈ ਕੇ ਹੰਗਾਮਾ
ਕਾਂਗਰਸੀ ਉਮੀਦਵਾਰਾਂ ਦੀ ਗੈਰਹਾਜ਼ਰੀ ’ਚ ਨਤੀਜੇ ਐਲਾਨਣ ਦੇ ਇਲਜ਼ਾਮ
ਕਪੂਰਥਲਾ/ਬਿਊਰੋ ਨਿਊਜ਼
ਕਪੂਰਥਲਾ ਜ਼ਿਲ੍ਹੇ ਦੇ ਕਸਬਾ ਨਡਾਲਾ ਦੇ ਕਾਲਜ ਵਿਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਦੀ ਗਿਣਤੀ ਦੌਰਾਨ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਜੰਮ ਕੇ ਹੰਗਾਮਾ ਕੀਤਾ। ਕਾਂਗਰਸ ਪਾਰਟੀ ਦੇ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੇ ਉਮੀਦਵਾਰਾਂ ਦੀ ਗੈਰਹਾਜ਼ਰੀ ਵਿਚ ਹੀ ਬਲਾਕ ਸੰਮਤੀ ਜ਼ੋਨ ਦੇ ਨਤੀਜੇ ਐਲਾਨ ਦਿੱਤੇ ਗਏ, ਜਦੋਂ ਕਿ ਉਨ੍ਹਾਂ ਦੇ ਪਾਰਟੀ ਉਮੀਦਵਾਰ ਉਥੇ ਮੌਜੂਦ ਨਹੀਂ ਸਨ। ਇਸ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇ ਵੀ ਲਗਾਏ। ਉਨ੍ਹਾਂ ਨੇ ਵੋਟਾਂ ਦੀ ਦੁਬਾਰਾ ਗਿਣਤੀ ਦੀ ਵੀ ਮੰਗ ਕੀਤੀ। ਖਹਿਰਾ ਨੇ ਇਲਜ਼ਾਮ ਲਗਾਇਆ ਕਿ ਆਮ ਆਦਮੀ ਪਾਰਟੀ ਆਪਣੀ ਸੰਭਾਵਿਤ ਹਾਰ ਤੋਂ ਘਬਰਾ ਕੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਦੁਰਉਪਯੋਗ ਕਰ ਰਹੀ ਹੈ।

