
ਪੰਜਾਬ ਸਰਕਾਰ ਨੇ ਕੇਂਦਰ ਵੱਲੋਂ ਮਗਨਰੇਗਾ ਸਕੀਮ ਨੂੰ ਬਦਲਣ ਦਾ ਕੀਤਾ ਵਿਰੋਧ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਉਨ੍ਹਾਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ ‘ਮਗਨਰੇਗਾ’ ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਡੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਬਦਲ ਕੇ ‘ਵਿਕਸਤ ਭਾਰਤ-ਰਾਮ ਜੀ ਰਾਮ’ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਇਸ ਸਕੀਮ ਵਿੱਚ ਹੋਰ ਵੀ ਕਈ ਸੋਧਾਂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਦੀਆਂ ਇਨ੍ਹਾਂ ਸੋਧਾਂ ਦਾ ਪੰਜਾਬ ਦੀਆਂ ਸਮੂਹ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੀ ਵਿਰੋਧ ਕਰ ਰਹੀਆਂ ਹਨ। ਧਿਆਨ ਰਹੇ ਕਿ ਪਹਿਲਾਂ ਮਗਨਰੇਗਾ ਸਕੀਮ ਅਧੀਨ ਕੇਂਦਰ ਸਰਕਾਰ ਵਲੋਂ 90 ਫੀਸਦ ਅਤੇ ਸੂਬਾ ਸਰਕਾਰਾਂ ਵਲੋਂ 10 ਫੀਸਦ ਹਿੱਸਾ ਪਾਇਆ ਜਾਂਦਾ ਸੀ। ਹੁਣ ਕੇਂਦਰ ਸਰਕਾਰ ਵਲੋਂ ਇਸ ਸਕੀਮ ਵਿਚ 60 ਫੀਸਦ ਅਤੇ ਸੂਬਾ ਸਰਕਾਰਾਂ ਵਲੋਂ 40 ਫੀਸਦ ਹਿੱਸਾ ਪਾਇਆ ਜਾਵੇਗਾ।
ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ 500 ਤੋਂ ਵੱਧ ਨਵੇਂ ਮਿੰਨੀ ਬੱਸ ਪਰਮਿਟ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ 500 ਤੋਂ ਵੱਧ ਨਵੇਂ ਮਿੰਨੀ ਬੱਸਾਂ ਦੇ ਪਰਮਿਟ ਜਾਰੀ ਕੀਤੇ ਗਏ ਹਨ, ਜਿਸ ਨਾਲ ਪਿੰਡਾਂ ਵਿਚ ਮਿੰਨੀ ਬੱਸਾਂ ਮੁੜ ਤੋਂ ਚੱਲਣੀਆਂ ਸ਼ੁਰੂ ਹੋਣਗੀਆਂ। ਇਨ੍ਹਾਂ ਬੱਸਾਂ ਦਾ ਘੇਰਾ 35 ਕਿਲੋਮੀਟਰ ਨਿਰਧਾਰਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਅੱਜ ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਇਹ ਪਰਮਿਟ ਵੰਡੇ ਗਏ ਹਨ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਸਰਕਾਰ ਵਲੋਂ ‘ਸਵੈ ਰੋਜ਼ਗਾਰ’ ਤਹਿਤ ਇਹ ਪਰਮਿਟ ਜਾਰੀ ਕੀਤੇ ਗਏ ਹਨ ਤੇ ਕੁਝ ਪੁਰਾਣੇ ਲਾਇਸੰਸ ਵੀ ਰੀਨਿਊ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਸਰਕਾਰ ਵਲੋਂ ਨਵੇਂ 505 ਪਰਮਿਟ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਵਿਚੋਂ ਕਰੀਬ 450 ਵਿਅਕਤੀ ਅਜਿਹੇ ਹਨ, ਜਿਨ੍ਹਾਂ ਨੂੰ ਪਹਿਲੀ ਵਾਰ ਪਰਮਿਟ ਮਿਲੇ ਹਨ ਅਤੇ ਉਹ ਵੀ ਹੁਣ ਟਰਾਂਸਪੋਰਟਰ ਬਣ ਗਏ ਹਨ। ਇਸੇ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 1311 ਨਵੀਆਂ ਸਰਕਾਰੀ ਬੱਸਾਂ ਵੀ ਖਰੀਦੀਆਂ ਜਾਣਗੀਆਂ।

