
ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਕਰਨਲ ਬਾਠ ਨਾਲ ਕੀਤੀ ਸੀ ਕੁੱਟਮਾਰ
ਮੁਹਾਲੀ/ਬਿਊਰੋ ਨਿਊਜ਼
ਸੀਬੀਆਈ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਮੁਹਾਲੀ ਅਦਾਲਤ ਵਿੱਚ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਖਿਲਾਫ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਇਸਤਗਾਸਾ ਪੱਖ ਨੇ ਪੰਜਾਬ ਪੁਲਿਸ ਦੇ ਚਾਰ ਅਧਿਕਾਰੀਆਂ ਖਿਲਾਫ ਗੰਭੀਰ ਸੱਟਾਂ ਪਹੁੰਚਾਉਣ ਅਤੇ ਗਲਤ ਤਰੀਕੇ ਨਾਲ ਰੋਕਣ ਦੇ ਇਲਜ਼ਾਮ ਲਗਾਏ ਹਨ। ਚਾਰਜਸ਼ੀਟ ਮੁਤਾਬਕ ਇੰਸਪੈਕਟਰ ਰੌਨੀ ਸਿੰਘ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ। ਪਟਿਆਲਾ ਪੁਲਿਸ ਨੇ ਇਸ ਤੋਂ ਪਹਿਲਾਂ ਚਾਰ ਇੰਸਪੈਕਟਰਾਂ, ਜਿਨ੍ਹਾਂ ਵਿੱਚ ਹੈਰੀ ਬੋਪਾਰਾਏ, ਰੌਨੀ ਸਿੰਘ ਅਤੇ ਹਰਜਿੰਦਰ ਸਿੰਘ ਢਿੱਲੋਂ ਸ਼ਾਮਲ ਸਨ, ਉਨ੍ਹਾਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਸੀ। ਬਾਅਦ ਵਿੱਚ ਇੱਕ ਹੋਰ ਇੰਸਪੈਕਟਰ ਨੂੰ ਨਾਮਜ਼ਦ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਇਹ ਘਟਨਾ ਪਟਿਆਲਾ ’ਚ 13 ਅਤੇ 14 ਮਾਰਚ ਦੀ ਦਰਮਿਆਨੀ ਰਾਤ ਨੂੰ ਵਾਪਰੀ ਸੀ, ਜਦੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦਾ ਪੁੱਤਰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਕੋਲ ਸੜਕ ਕਿਨਾਰੇ ਸਥਿਤ ਇੱਕ ਢਾਬੇ ’ਤੇ ਸਨ। ਕਰਨਲ ਬਾਠ ਦੇ ਪਰਿਵਾਰ ਨੇ ਦਾਅਵਾ ਕੀਤਾ ਕਿ ਇੱਕ ਦਰਜਨ ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਕਥਿਤ ਤੌਰ ’ਤੇ ਰਾਡਾਂ ਅਤੇ ਡੰਡਿਆਂ ਨਾਲ ਕਰਨਲ ਅਤੇ ਉਨ੍ਹਾਂ ਦੇ ਪੁੱਤਰ ’ਤੇ ਹਮਲਾ ਕਰ ਦਿੱਤਾ ਸੀ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ।

