
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਹੋਈ ਹੈ। ਇਸ ਮੀਟਿੰਗ ਦੌਰਾਨ ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਨੂੰ ਤਹਿਸੀਲ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚ 12 ਪਟਵਾਰ ਸਰਕਲ, ਦੋ ਕਾਨੂੰਨਗੋ ਸਰਕਲ ਅਤੇ 50 ਪਿੰਡ ਸ਼ਾਮਲ ਕੀਤੇ ਗਏ ਹਨ। ਇਸੇ ਤਰ੍ਹਾਂ ਮੁਹਾਲੀ ਜ਼ਿਲ੍ਹੇ ’ਚ ਪੈਂਦੀ ਸਬ ਤਹਿਸੀਲ ਬਨੂੜ ਨੂੰ ਅਪਗਰੇਡ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਵਿਚ ਦੋ ਕਾਨੂੰਨਗੋ, 14 ਪਟਵਾਰ ਸਰਕਲ ਅਤੇ 40 ਪਿੰਡ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ‘ਮੇਰਾ ਘਰ ਮੇਰੇ ਨਾਮ’ ਸਕੀਮ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ। ਇਹ ਜਾਣਕਾਰੀ ਕੈਬਨਿਟ ਮੀਟਿੰਗ ਤੋਂ ਬਾਅਦ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਹੈ। ਮੁੰਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦਾ ਨਾਮ ਬਦਲਣ ਅਤੇ ਉਸ ਵਿਚ ਲਗਾਈਆਂ ਗਈਆਂ ਸ਼ਰਤਾਂ ਦੇ ਖਿਲਾਫ ਭਲਕੇ 30 ਦਸੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਜਾਵੇਗੀ ਕਿ ਮਨਰੇਗਾ ਸਕੀਮ ਜਿਸ ਤਰ੍ਹਾਂ ਚੱਲਦੀ ਹੈ, ਉਸੇ ਤਰ੍ਹਾਂ ਚੱਲਣ ਦਿੱਤੀ ਜਾਵੇ।

