
ਮੁੱਖ ਮੰਤਰੀ ਵਲੋਂ ਲਗਾਏ ਇਲਜ਼ਾਮਾਂ ਨੂੰ ਦੱਸਿਆ ਸਿਆਸਤ ਤੋਂ ਪ੍ਰੇਰਿਤ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਾਏ ਗਏ ਇਲਜ਼ਾਮਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਧਾਮੀ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਇਸ ਮਾਮਲੇ ਵਿਚ 16 ਜ਼ਿੰਮੇਵਾਰ ਵਿਅਕਤੀਆਂ ਖਿਲਾਫ ਪਹਿਲਾਂ ਹੀ ਸਖਤ ਕਾਰਵਾਈ ਕੀਤੀ ਜਾ ਚੁੱਕੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਸਰੂਪਾਂ ਦੇ ਲਾਪਤਾ ਹੋਣ ਦਾ ਨਹੀਂ, ਬਲਕਿ ਪ੍ਰਬੰਧਕੀ ‘ਹੇਰਾਫੇਰੀ’ ਦਾ ਸੀ। ਧਾਮੀ ਨੇ ਸਰਕਾਰ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਕਿਸੇ ਵੀ ਦੋਸ਼ੀ ਕਰਮਚਾਰੀ ਨੂੰ ਬਚਾ ਨਹੀਂ ਰਹੀ, ਕਿਉਂਕਿ ਬਰਖਾਸਤ ਕੀਤੇ ਗਏ ਵਿਅਕਤੀਆਂ ਨਾਲ ਹੁਣ ਸੰਸਥਾ ਦਾ ਕੋਈ ਲੈਣ-ਦੇਣ ਨਹੀਂ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਪਤਾ ਹੋਏ ਪਾਵਨ ਸਰੂਪਾਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਸੀ।

