
‘ਵਿਕਸਿਤ ਭਾਰਤ-ਜੀ ਰਾਮ ਜੀ’ ਐਕਟ ਵਿਰੁੱਧ ਮਤੇ ਨੂੰ ਦੱਸਿਆ ਗੈਰ ਸੰਵਿਧਾਨਕ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਵਿਧਾਨ ਸਭਾ ਵਲੋਂ ‘ਵਿਕਸਿਤ ਭਾਰਤ-ਜੀ ਰਾਮ ਜੀ’ ਐਕਟ ਵਿਰੁੱਧ ਮਤਾ ਪਾਸ ਕਰਨ ਲਈ ਬੁਲਾਏ ਗਏ ਵਿਸ਼ੇਸ਼ ਇਜਲਾਸ ਦੀ ਸਖਤ ਨਿਖੇਧੀ ਕੀਤੀ ਹੈ। ਚੌਹਾਨ ਨੇ ਕਿਹਾ ਕਿ ਸੰਸਦ ਵਲੋਂ ਪਾਸ ਕੀਤੇ ਗਏ ਕਾਨੂੰਨ ਵਿਰੁੱਧ ਅਜਿਹਾ ਕਦਮ ਚੁੱਕਣਾ ਭਾਰਤ ਦੇ ਸੰਘੀ ਢਾਂਚੇ ਦੀ ਮੂਲ ਭਾਵਨਾ ਦੇ ਖਿਲਾਫ ਹੈ। ਚੌਹਾਨ ਨੇ ਦੱਸਿਆ ਕਿ ਲੋਕ ਸਭਾ ਵਿਚ ਇਸ ਬਿੱਲ ’ਤੇ 8 ਘੰਟੇ ਤੋਂ ਵੱਧ ਚਰਚਾ ਹੋਈ, ਪਰ ਵਿਰੋਧੀ ਧਿਰ ਨੇ ਉਸ ਵੇਲੇ ਸਿਰਫ ਹੰਗਾਮਾ ਕੀਤਾ ਅਤੇ ਹੁਣ ਵਿਧਾਨ ਸਭਾ ਰਾਹੀਂ ਸੰਵਿਧਾਨਕ ਸਿਧਾਂਤਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ਿਵਰਾਜ ਚੌਹਾਨ ਦਾ ਕਹਿਣਾ ਹੈ ਕਿ ਇਹ ਕਾਨੂੰਨ 2047 ਤੱਕ ‘ਵਿਕਸਿਤ ਭਾਰਤ’ ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਪੇਂਡੂ ਖੇਤਰਾਂ ਨੂੰ ਆਤਮ ਨਿਰਭਰ ਬਣਾਉਣ ਲਈ ਇਕ ਇਤਿਹਾਸਕ ਮੀਲ ਪੱਥਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸਦਾ ਵਿਰੋਧ ਕਰਕੇ ਪਤਾ ਨਹੀਂ ਕੀ ਸਾਬਤ ਕਰਨਾ ਚਾਹੁੰਦੀ ਹੈ।

