Breaking News
Home / ਪੰਜਾਬ / ਪੰਜਾਬ ਦੇ ਖੇਤੀ ਸੰਕਟ ਨੇ ਸਾਲ ਵਿੱਚ 449 ਕਿਸਾਨਾਂ-ਮਜ਼ਦੂਰਾਂ ਦੀ ਲਈ ਜਾਨ

ਪੰਜਾਬ ਦੇ ਖੇਤੀ ਸੰਕਟ ਨੇ ਸਾਲ ਵਿੱਚ 449 ਕਿਸਾਨਾਂ-ਮਜ਼ਦੂਰਾਂ ਦੀ ਲਈ ਜਾਨ

Kissan copy copyਬਠਿੰਡਾ/ਬਿਊਰੋ ਨਿਊਜ਼ : ਪੰਜਾਬ ਵਿੱਚ ਖੇਤੀ ਸੰਕਟ ਨੇ ਪਿਛਲੇ ਸਾਲ 449 ਕਿਸਾਨਾਂ ਤੇ ਮਜ਼ਦੂਰਾਂ ਦੀ ਜਾਨ ਲੈ ਲਈ ਤੇ ਕੇਂਦਰ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਬਾਂਹ ਫੜਨ ਤੋਂ ਨਾਂਹ ਕਰ ਦਿੱਤੀ ਹੈ। 2015 ਦੇ ਅੰਕੜਿਆਂ ਅਨੁਸਾਰ ਕਿਸਾਨ-ਮਜ਼ਦੂਰ ਖ਼ੁਦਕੁਸ਼ੀਆਂ ਦੇ ਮਾਮਲੇ ਵਿੱਚ ਪੰਜਾਬ ਦੇਸ਼ ਵਿੱਚੋਂ ਦੂਜੇ ਨੰਬਰ ‘ਤੇ ਹੈ, ਜਦੋਂਕਿ ਸਭ ਤੋਂ ਵੱਧ ਖ਼ੁਦਕੁਸ਼ੀਆਂ ਮਹਾਰਾਸ਼ਟਰ ਵਿੱਚ ਹੋਈਆਂ ਹਨ। ਮਹਾਰਾਸ਼ਟਰ ਵਿੱਚ ਪਿਛਲੇ ਸਾਲ 725 ਕਿਸਾਨਾਂ ਨੇ ਖੇਤੀ ਸੰਕਟ ਕਾਰਨ ਖ਼ੁਦਕੁਸ਼ੀ ਕੀਤੀ ਹੈ, ਜਦੋਂ ਕਿ ਪੰਜਾਬ ਵਿੱਚ 449 ਕਿਸਾਨਾਂ-ਮਜ਼ਦੂਰਾਂ ਨੇ ਖ਼ੁਦਕੁਸ਼ੀ ਕੀਤੀ ਹੈ। ਤੀਜੇ ਨੰਬਰ ‘ਤੇ ਕਰਨਾਟਕ ਹੈ ਜਿੱਥੇ 107 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ। ਪੰਜਾਬ ਵਿੱਚ ਸਾਲ 2015 ਦੌਰਾਨ ਔਸਤਨ ਦੋ ਦਿਨਾਂ ਵਿੱਚ ਪੰਜ ਕਿਸਾਨ-ਮਜ਼ਦੂਰ ਖ਼ੁਦਕੁਸ਼ੀ ਕਰਦੇ ਹਨ।
ਕੇਂਦਰੀ ਖੇਤੀ ਤੇ ਕਿਸਾਨ ਭਲਾਈ ਮੰਤਰਾਲੇ ਦੇ ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਨੇ ਖੇਤੀ ਮੰਤਰਾਲੇ ਨੂੰ ਹਾਲ ਹੀ ਵਿੱਚ ਜੋ ਰਿਪੋਰਟ ਭੇਜੀ ਹੈ, ਉਸ ਅਨੁਸਾਰ 2015 ਵਿੱਚ ਕੁੱਲ 449 ਕਿਸਾਨਾਂ-ਮਜ਼ਦੂਰਾਂ ਨੇ ਖੇਤੀ ਸੰਕਟ ਕਾਰਨ ਖ਼ੁਦਕੁਸ਼ੀ ਕੀਤੀ ਹੈ। ਪੰਜਾਬ ਸਰਕਾਰ ਨੇ ਪਹਿਲੀ ਜਨਵਰੀ ਤੋਂ 30 ਜੂਨ 2015 ਤੱਕ ਦੀ ਜੋ ਰਿਪੋਰਟ ਕੇਂਦਰ ਨੂੰ ਪਹਿਲਾਂ ਭੇਜੀ ਸੀ, ਉਸ ਵਿੱਚ ਪੰਜ ਕਿਸਾਨਾਂ ਵੱਲੋਂ ਖ਼ੁਦਕੁਸ਼ੀ ਕੀਤੇ ਦਾ ਖੁਲਾਸਾ ਕੀਤਾ ਗਿਆ ਸੀ। ਇਸ ਦਾ ਮਤਲਬ ਪਹਿਲੀ ਜੁਲਾਈ ਤੋਂ 31 ਦਸੰਬਰ 2015 (ਛੇ ਮਹੀਨੇ) ਵਿੱਚ 444 ਕਿਸਾਨਾਂ-ਮਜ਼ਦੂਰਾਂ ਨੇ ਖੇਤੀ ਸੰਕਟ ਕਾਰਨ ਖ਼ੁਦਕੁਸ਼ੀ ਕੀਤੀ ਹੈ। ਉਂਜ ਸੂਬਾ ਸਰਕਾਰ ਨੇ ਖ਼ੁਦਕੁਸ਼ੀਆਂ ਦੇ ਕਾਰਨ ਵਜੋਂ ਚਿੱਟੇ ਮੱਛਰ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਹਵਾਲਾ ਨਹੀਂ ਦਿੱਤਾ ਪਰ ਜ਼ਿਆਦਾ ਖ਼ੁਦਕੁਸ਼ੀਆਂ ਕਪਾਹ ਪੱਟੀ ਵਿੱਚ ਹੋਈਆਂ ਹਨ ਅਤੇ ਕਪਾਹ ਪੱਟੀ ਵਿੱਚ ਨਰਮੇ ‘ਤੇ ਚਿੱਟੇ ਮੱਛਰ ਦੀ ਮਾਰ ਬੁਰੀ ਸੀ ਤੇ ਅਗਸਤ ਮਗਰੋਂ ਖ਼ੁਦਕੁਸ਼ੀਆਂ ਦਾ ਵਰਤਾਰਾ ਤੇਜ਼ ਹੋ ਗਿਆ।
ਖੇਤੀ ਮੰਤਰਾਲੇ ਨੇ ਦੱਸਿਆ ਹੈ ਕਿ ਸਾਲ 2016 ਤੱਕ ਹੋਈਆਂ ਖ਼ੁਦਕੁਸ਼ੀਆਂ ਦੀ ਪੰਜਾਬ ਸਰਕਾਰ ਨੇ 5 ਫਰਵਰੀ ਤੱਕ ਕੋਈ ਸੂਚਨਾ ਨਹੀਂ ਦਿੱਤੀ ਹੈ। ਦੱਸਣਯੋਗ ਹੈ ਕਿ ਮਾਲਵਾ ਖਿੱਤੇ ਵਿੱਚ ਜਨਵਰੀ-ਫਰਵਰੀ ਦੌਰਾਨ ਔਸਤਨ ਪ੍ਰਤੀ ਦਿਨ ਇੱਕ ਕਿਸਾਨ ਨੇ ਖ਼ੁਦਕੁਸ਼ੀ ਕੀਤੀ ਹੈ। ਮਹਾਰਾਸ਼ਟਰ ਵਿੱਚ ਇਕੱਲੇ ਜਨਵਰੀ ਮਹੀਨੇ ਵਿੱਚ 57 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ। ਕੇਂਦਰ ਸਰਕਾਰ ਨੇ ਇਹ ਆਖ ਕੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੀ ਬਾਂਹ ਫੜਨ ਤੋਂ ਇਨਕਾਰ ਕਰ ਦਿੱਤਾ ਹੈ ਕਿ ਖੇਤੀ ਸੂਬਾ ਸਰਕਾਰਾਂ ਦਾ ‘ਵਿਸ਼ਾ’ ਹੈ ਅਤੇ ਸੂਬਾ ਸਰਕਾਰਾਂ ਇਸ ਸਬੰਧੀ ਢੁਕਵੇਂ ਕਦਮ ਉਠਾ ਰਹੀਆਂ ਹਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਵਾਸਤੇ 66 ਕਰੋੜ ਰੁਪਏ ਦੇ ਫੰਡ ਰੱਖੇ ਸਨ ਜੋ ਅਜੇ ਤੱਕ ਸਾਰੇ ਪੀੜਤ ਪਰਿਵਾਰਾਂ ਨੂੰ ਮਿਲੇ ਨਹੀਂ ਹਨ। ਪੰਜਾਬ ਸਰਕਾਰ ਵੱਲੋਂ 2000 ਤੋਂ 2010 ਤੱਕ ਦੌਰਾਨ ਹੋਈਆਂ ਖ਼ੁਦਕੁਸ਼ੀਆਂ ਦਾ ਸਰਵੇ ਕਰਾਇਆ ਗਿਆ ਸੀ। ਇਸ ਸਰਵੇ ਅਨੁਸਾਰ ਪੰਜਾਬ ਵਿੱਚ ਦਹਾਕੇ ਦੌਰਾਨ 6926 ਕਿਸਾਨਾਂ ਤੇ ਮਜ਼ਦੂਰਾਂ ਨੇ ਖ਼ੁਦਕੁਸ਼ੀ ਕੀਤੀ ਜਿਨ੍ਹਾਂ ਵਾਸਤੇ 66 ਕਰੋੜ ਦੇ ਫੰਡ ਰੱਖੇ ਗਏ ਸਨ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …