
ਜਥੇਦਾਰ ਨੇ ਪੰਜਾਬ ਸਰਕਾਰ ਨੂੰ ਸਿੱਖ ਸਿਧਾਂਤਾਂ ਦੀ ਜਾਣਕਾਰੀ ਰੱਖਣ ਵਾਲੇ ਅਧਿਕਾਰੀ ਦੀ ਨਿਯੁਕਤੀ ਕਰਨ ਲਈ ਕਿਹਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ ਨੂੰ ਆਖਿਆ ਕਿ ਉਹ ਆਪਣੇ ਵਿਭਾਗ ਵਿੱਚ ਕੋਈ ਗੁਰਸਿੱਖ ਅਤੇ ਸਿੱਖ ਧਰਮ ਦੇ ਗਿਆਤਾ ਅਧਿਕਾਰੀ ਨੂੰ ਨਿਯੁਕਤ ਕਰਨ ਤਾਂ ਕਿ ਭਵਿੱਖ ਵਿੱਚ ਸਿੱਖ ਧਰਮ ਸਬੰਧੀ ਕੋਈ ਗਲਤੀ ਨਾ ਹੋਵੇ। ਮੰਤਰੀ ਸੌਦ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਸਪਸ਼ਟੀਕਰਨ ਦੇਣ ਵਾਸਤੇ ਪੁੱਜੇ ਸਨ। ਧਿਆਨ ਰਹੇ ਕਿ ਬੀਤੇ ਦਿਨੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਮਿਊਜ਼ੀਅਮ ਵਿੱਚ ਸਥਾਪਿਤ ਕੀਤੀਆਂ ਗਈਆਂ ਕੁਝ ਤਸਵੀਰਾਂ ਦੇ ਮਾਮਲੇ ਵਿੱਚ ਮਰਿਆਦਾ ਦੀ ਉਲੰਘਣਾ ਦੇ ਦੋਸ਼ ਹੇਠ ਉਨ੍ਹਾਂ ਕੋਲੋਂ ਸਪਸ਼ਟੀਕਰਨ ਮੰਗਿਆ ਗਿਆ ਸੀ। ਉਨ੍ਹਾਂ ਨੇ ਅੱਜ ਆਪਣਾ ਤੇ ਆਪਣੇ ਵਿਭਾਗ ਵੱਲੋਂ ਇੱਕ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ। ਜਥੇਦਾਰ ਗੜਗੱਜ ਨਾਲ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਮੰਤਰੀ ਸੌਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀ ਸ਼ਤਾਬਦੀ ਮਨਾਉਣ ਸਮੇਂ ਸਿੱਖ ਵਿਦਵਾਨਾਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਦੇ ਮੁਤਾਬਕ ਹੀ ਸਮਾਗਮ ਕੀਤੇ ਗਏ ਸਨ। ਇਸੇ ਦੌਰਾਨ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਵੀ ਜਥੇਦਾਰ ਨੂੰ ਸਪੱਸ਼ਟਕਰਨ ਦੇਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵੀ ਦੀਵਾਨ ਦੇ ਅੰਮਿ੍ਰਤਧਾਰੀ ਮੈਂਬਰਾਂ ਦੀ ਗਿਣਤੀ ਬਾਰੇ ਸਪੱਸ਼ੀਟਕਰਨ ਦੇ ਦਿੱਤਾ ਹੈ।

