
ਅਦਾਲਤ ਨੇ ਇਕ ਸਾਲ ਤੱਕ ਅਪੀਲ ਕਰਨ ’ਤੇ ਵੀ ਲਗਾਈ ਰੋਕ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਸੁਪਰੀਮ ਕੋਰਟ ਨੇ ਦਿੱਲੀ ਦੰਗਿਆਂ ਦੇ ਸਾਜਿਸ਼ ਮਾਮਲੇ ਵਿਚ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਹਾਲਾਂਕਿ 5 ਹੋਰ ਆਰੋਪੀਆਂ ਨੂੰ 12 ਸ਼ਰਤਾਂ ਦੇ ਤਹਿਤ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਮਰ ਅਤੇ ਸ਼ਰਜੀਲ ਇਕ ਸਾਲ ਤੱਕ ਇਸ ਮਾਮਲੇ ਵਿਚ ਜ਼ਮਾਨਤ ਅਰਜ਼ੀ ਦਾਖਲ ਨਹੀਂ ਕਰ ਸਕਣਗੇ। ਜ਼ਿਕਰਯੋਗ ਹੈ ਕਿ ਉਮਰ ਖਾਲਿਦ, ਸ਼ਰਜੀਲ ਇਮਾਮ, ਗੁਲਫਿਸ਼ਾ ਫਾਤਿਮਾ, ਮੀਰਾਨ ਹੈਦਰ, ਸ਼ਿਫਾ ਉਰ ਰਹਿਮਾਨ, ਮੁਹੰਮਦ ਸਲੀਮ ਖਾਨ ਅਤੇ ਸ਼ਾਦਾਬ ਅਹਿਮਦ ਦਿੱਲੀ ਦੰਗਿਆਂ ਦੇ ਆਰੋਪ ਵਿਚ ਤਿਹਾੜ ਜੇਲ੍ਹ ਵਿਚ ਹਨ। ਇਨ੍ਹਾਂ ਨੇ ਦਿੱਲੀ ਹਾਈਕੋਰਟ ਦੇ ਉਸ ਨਿਰਦੇਸ਼ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿਚ 2020 ਦੇ ਦਿੱਲੀ ਦੰਗਿਆਂ ਨਾਲ ਜੁੜੇ ਮਾਮਲੇ ਵਿਚ ਉਨ੍ਹਾਂ ਨੂੰ ਗੈਰਕਾਨੂੰਨੀ ਗਤੀਵਿਧੀਆਂ ਦੇ ਤਹਿਤ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਧਿਆਨ ਰਹੇ ਕਿ ਦਿੱਲੀ ਵਿਚ ਫਰਵਰੀ 2020 ’ਚ ਹਿੰਸਾ ਭੜਕ ਗਈ ਸੀ, ਜਿਸ ਵਿਚ 53 ਵਿਅਕਤੀਆਂ ਦੀ ਜਾਨ ਚਲੇ ਗਈ ਸੀ ਅਤੇ ਕਈ ਵਿਅਕਤੀ ਜ਼ਖ਼ਮੀ ਹੋ ਗਏ ਸਨ।

