
ਅਦਾਲਤ ਨੇ ਕਿਹਾ : ਲਾਲੂ ਪ੍ਰਸਾਦ ਦੇ ਪਰਿਵਾਰ ਨੇ ਅਪਰਾਧਿਕ ਗਿਰੋਹ ਵਾਂਗ ਕੰਮ ਕੀਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ, ਧੀ ਮੀਸਾ ਭਾਰਤੀ, ਪੁੱਤਰ ਤੇਜਸਵੀ ਯਾਦਵ ਅਤੇ ਹੋਰ ਦੋਸ਼ੀਆਂ ਵਿਰੁੱਧ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਹੈ। ਨੌਕਰੀਆਂ ਬਦਲੇ ਜ਼ਮੀਨ ਘੁਟਾਲਾ ਮਾਮਲੇ ਵਿਚ ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਇਸ ਤੋਂ ਪਹਿਲਾਂ ਲੰਘੀ 19 ਦਸੰਬਰ ਨੂੰ ਹੋਈ ਸੁਣਵਾਈ ਵਿਚ ਮਾਨਯੋਗ ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕਿਹਾ ਸੀ ਕਿ ਦੋਸ਼ ਤੈਅ ਕਰਨ ਨਾਲ ਸੰਬੰਧਿਤ ਹੁਕਮ 9 ਜਨਵਰੀ ਨੂੰ ਸਵੇਰੇ ਸਾਢੇ 10 ਵਜੇ ਸੁਣਾਇਆ ਜਾਵੇਗਾ। ਅਦਾਲਤ ਦਾ ਕਹਿਣਾ ਸੀ ਕਿ ਲਾਲੂ ਪ੍ਰਸਾਦ ਦਾ ਪਰਿਵਾਰ ਅਪਰਾਧਿਕ ਗਿਰੋਹ ਵਾਂਗ ਕੰਮ ਕਰ ਰਿਹਾ ਸੀ। ਅਦਾਲਤ ਨੇ ਕਿਹਾ ਕਿ ਲਾਲੂ ਪ੍ਰਸਾਦ ਯਾਦਵ ਨੇ ਆਪਣੀਆਂ ਧੀਆਂ, ਪਤਨੀ ਅਤੇ ਪੁੱਤਰਾਂ ਦੇ ਲਈ ਅਚੱਲ ਸੰਪਤੀਆਂ ਹਾਸਲ ਕਰਨ ਦੇ ਲਈ ਸਰਕਾਰੀ ਨੌਕਰੀ ਨੂੰ ਸੌਦੇਬਾਜ਼ੀ ਦੇ ਹਥਿਆਰ ਦੇ ਰੂਪ ਵਿਚ ਇਸਤੇਮਾਲ ਕਰਨ ਦੀ ਇਕ ਵਿਆਪਕ ਸਾਜਿਸ਼ ਰਚੀ ਸੀ।

