
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਦੇ ਕਰੀਬ 10 ਸਰਕਾਰੀ ਸਕੂਲਾਂ ਅਤੇ ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸਕੂਲਾਂ ਵਿਚ ਰਾਸ਼ਟਰੀ ਗੀਤ ਦਾ ਗਾਇਨ ਬੰਦ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਧਮਕੀਆਂ ਕਰਕੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਹ ਵੀ ਦੱਸਣਯੋਗ ਹੈ ਕਿ ਠੰਡ ਕਰਕੇ ਸਕੂਲਾਂ ਵਿਚ ਕੀਤੀਆਂ ਗਈਆਂ ਛੁੱਟੀਆਂ ਤੋਂ ਬਾਅਦ ਅੱਜ ਬੁੱਧਵਾਰ ਨੂੰ ਸਕੂਲ ਖੁੱਲ੍ਹੇ ਸਨ। ਇਸੇ ਦੌਰਾਨ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਚ ਵੀ ਅੱਜ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਨੂੰ ਦੇਖਦਿਆਂ ਅਦਾਲਤ ਵਿਚ ‘ਨੋ ਵਰਕ ਡੇਅ’ ਦਾ ਐਲਾਨ ਕਰਨਾ ਪਿਆ ਅਤੇ ਦੂਰ-ਦੂਰ ਤੋਂ ਅਦਾਲਤ ਪਹੁੰਚੇ ਲੋਕਾਂ ਨੂੰ ਬਿਨਾ ਕਿਸੇ ਅਦਾਲਤੀ ਕਾਰਵਾਈ ਤੋਂ ਵਾਪਸ ਮੁੜਨਾ ਪਿਆ। ਇਕ ਹਫਤੇ ਦੇ ਅੰਦਰ ਇਹ ਦੂਜੀ ਵਾਰ ਹੈ, ਜਦੋਂ ਅਦਾਲਤ ਨੂੰ ਨਿਸ਼ਾਨਾ ਬਣਾਉਣ ਦੀ ਅਜਿਹੀ ਧਮਕੀ ਮਿਲੀ ਹੈ। ਇਨ੍ਹਾਂ ਧਮਕੀਆਂ ਦੇ ਚੱਲਦਿਆਂ ਪੁਲਿਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

