
ਕਿਹਾ : ਜਥੇਦਾਰ ਸਾਹਿਬ ਜੋ ਫੈਸਲਾ ਲੈਣਗੇ, ਉਹ ਸਿਰ ਮੱਥੇ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ’ਤੇ ਪੇਸ਼ ਹੋਏ ਹਨ। ਧਿਆਨ ਰਹੇ ਕਿ ਮੁੱਖ ਮੰਤਰੀ ਮਾਨ ਨੂੰ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਮਾਮਲਿਆਂ ਵਿਚ ਬਿਆਨਬਾਜ਼ੀ ਤੇ ਵੀਡੀਓ ਮਾਮਲੇ ਵਿਚ ਸਪੱਸ਼ਟੀਕਰਨ ਦੇਣ ਲਈ ਸੱਦਿਆ ਸੀ। ਇਸਦੇ ਚੱਲਦਿਆਂ ਮੁੱਖ ਮੰਤਰੀ ਮਾਨ ਨੇ ਸਕੱਤਰੇਤ ਵਿਚੋਂ ਬਾਹਰ ਆਉਣ ਤੋਂ ਬਾਅਦ ਦੱਸਿਆ ਕਿ ਉਹ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਏ ਹਨ ਅਤੇ ਉਨ੍ਹਾਂ ਕਦੇ ਵੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਨਹੀਂ ਦਿੱਤੀ। ਮਾਨ ਨੇ ਕਿਹਾ ਕਿ ਮੈਂ ਜਥੇਦਾਰ ਸਾਹਿਬ ਨੂੰ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਹੈ ਅਤੇ ਜਥੇਦਾਰ ਜੋ ਵੀ ਫੈਸਲਾ ਲੈਣਗੇ, ਉਹ ਮੈਨੂੰ ਮਨਜ਼ੂਰ ਹੈ। ਸੀਐਮ ਨੇ ਕਿਹਾ ਕਿ ਜਥੇਦਾਰ ਨੂੰ ਦੱਸ ਦਿੱਤਾ ਹੈ ਕਿ ਵਾਇਰਲ ਹੋਈ ਵੀਡੀਓ ਫਰਜ਼ੀ ਹੈ, ਜਿਸ ਦੀ ਦੇਸ਼ ਵਿਚ ਕਿਤੋਂ ਵੀ ਜਾਂਚ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਵੀਡੀਓ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਬਾਹਰ ਵੱਡੀ ਗਿਣਤੀ ਵਿਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਸੀ।

