ਕਿਹਾ : ਜਥੇਦਾਰ ਸਾਹਿਬ ਜੋ ਫੈਸਲਾ ਲੈਣਗੇ, ਉਹ ਸਿਰ ਮੱਥੇ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ‘ਤੇ ਪੇਸ਼ ਹੋਏ ਹਨ। ਧਿਆਨ ਰਹੇ ਕਿ ਮੁੱਖ ਮੰਤਰੀ ਮਾਨ ਨੂੰ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਮਾਮਲਿਆਂ ਵਿਚ ਬਿਆਨਬਾਜ਼ੀ ਤੇ ਵੀਡੀਓ ਮਾਮਲੇ ਵਿਚ ਸਪੱਸ਼ਟੀਕਰਨ ਦੇਣ ਲਈ ਸੱਦਿਆ ਸੀ। ਇਸਦੇ ਚੱਲਦਿਆਂ ਮੁੱਖ ਮੰਤਰੀ ਮਾਨ ਨੇ ਸਕੱਤਰੇਤ ਵਿਚੋਂ ਬਾਹਰ ਆਉਣ ਤੋਂ ਬਾਅਦ ਦੱਸਿਆ ਕਿ ਉਹ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਏ ਹਨ ਅਤੇ ਉਨ੍ਹਾਂ ਕਦੇ ਵੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਨਹੀਂ ਦਿੱਤੀ। ਮਾਨ ਨੇ ਕਿਹਾ ਕਿ ਮੈਂ ਜਥੇਦਾਰ ਸਾਹਿਬ ਨੂੰ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਹੈ ਅਤੇ ਜਥੇਦਾਰ ਜੋ ਵੀ ਫੈਸਲਾ ਲੈਣਗੇ, ਉਹ ਮੈਨੂੰ ਮਨਜ਼ੂਰ ਹੈ। ਸੀਐਮ ਨੇ ਕਿਹਾ ਕਿ ਜਥੇਦਾਰ ਨੂੰ ਦੱਸ ਦਿੱਤਾ ਹੈ ਕਿ ਵਾਇਰਲ ਹੋਈ ਵੀਡੀਓ ਫਰਜ਼ੀ ਹੈ, ਜਿਸਦੀ ਦੇਸ਼ ਵਿਚ ਕਿਤੋਂ ਵੀ ਜਾਂਚ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਵੀਡੀਓ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਬਾਹਰ ਵੱਡੀ ਗਿਣਤੀ ਵਿਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਸੀ।
ਪੰਜ ਸਿੰਘ ਸਾਹਿਬਾਨ ਦੇ ਹੱਥ ਮੁੱਖ ਮੰਤਰੀ ਦੇ ਮਾਮਲੇ ਦੀ ਕਮਾਨ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪਸ਼ਟੀਕਰਨ ਲੈਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਪੱਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ। ਜਥੇਦਾਰ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਵੱਲੋਂ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਗਿਆ ਹੈ ਅਤੇ ਜੇਕਰ ਕਿਸੇ ਵੀ ਕਿਸਮ ਦੀ ਕਾਰਵਾਈ ਕਰਨ ਦੀ ਜ਼ਰੂਰਤ ਹੋਈ ਤਾਂ ਮੁੱਖ ਮੰਤਰੀ ਨੂੰ ਆਦੇਸ਼ ਨਹੀਂ ਕੀਤਾ ਜਾਵੇਗਾ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਪ੍ਰਤੀ ਪੰਥ ਨੂੰ ਆਦੇਸ਼ ਜਾਰੀ ਹੋਵੇਗਾ। ਭਗਵੰਤ ਮਾਨ ਵੱਲੋਂ ਵਾਇਰਲ ਵੀਡੀਓ ਨੂੰ ਨਕਲੀ ਕਹਿਣ ‘ਤੇ ਜਥੇਦਾਰ ਨੇ ਕਿਹਾ ਕਿ ਇਹ ਪੰਥਕ ਭਾਵਨਾਵਾਂ ਨਾਲ ਜੁੜਿਆ ਹੋਇਆ ਮਸਲਾ ਹੈ ਇਸਦੀ ਫੋਰੈਨਸਿਕ ਜਾਂਚ ਹੋਵੇਗੀ ਅਤੇ ਜੇਕਰ ਵੀਡੀਓ ਸਹੀ ਪਾਈ ਗਈ ਤਾਂ ਅਗਲੇਰੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।
ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਮਾਨ
RELATED ARTICLES

