
ਜਲੰਧਰ/ਬਿਊਰੋ ਨਿਊਜ਼
ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਅੱਜ ਜਲੰਧਰ ਦੌਰਾ ਰੱਦ ਹੋ ਗਿਆ। ਖਰਾਬ ਮੌਸਮ ਦੇ ਚੱਲਦਿਆਂ ਰਾਸ਼ਟਰਪਤੀ ਦੀ ਫਲਾਈਟ ਅੰਮਿ੍ਰਤਸਰ ਤੋਂ ਟੇਕ ਆਫ ਨਹੀਂ ਕਰ ਸਕੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ ਜਲੰਧਰ ਵਿਖੇ ਕਾਨਵੋਕੇਸ਼ਨ ਸਮਾਰੋਹ ਵਿਚ ਸ਼ਾਮਲ ਹੋਣਾ ਸੀ। ਧਿਆਨ ਰਹੇ ਕਿ ਲੰਘੇ ਕੱਲ੍ਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ’ਚ ਵੀ ਰਾਸ਼ਟਰਪਤੀ ਮੂਰਮੂ ਨੇ ਕਾਨਵੋਕੇਸ਼ਨ ਵਿਚ ਸ਼ਮੂਲੀਅਤ ਕੀਤੀ ਸੀ। ਪੰਜਾਬ, ਚੰਡੀਗੜ੍ਹ ਅਤੇ ਨੇੜਲੇ ਖੇਤਰਾਂ ਵਿਚ ਕੜਾਕੇ ਦੀ ਠੰਡ ਪੈ ਰਹੀ ਹੈ ਅਤੇ ਮੌਸਮ ਵਿਭਾਗ ਵਲੋਂ ਵੀ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿਚ ਇਸ ਠੰਡ ਦੇ ਸੀਜਨ ਦੌਰਾਨ ਦੂਜੀ ਵਾਰ ਤਾਪਮਾਨ ਇਕ ਵਾਰ ਫਿਰ ਜ਼ੀਰੋ ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਇਸਦੇ ਚੱਲਦਿਆਂ ਪੰਜਾਬ ਵਿਚ ਸਕੂਲਾਂ ਦਾ ਸਮਾਂ ਵੀ ਬਦਲਿਆ ਗਿਆ ਹੈ ਅਤੇ ਹੁਣ ਸਕੂਲ ਸਵੇਰੇ 9 ਵਜੇ ਦੀ ਬਜਾਏ ਸਵੇਰੇ 10 ਵਜੇ ਖੁੱਲ੍ਹ ਰਹੇ ਹਨ।

