
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਨੇ ਆਪਣੇ ਨਵੇਂ ਰਾਸ਼ਟਰੀ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪਾਰਟੀ ਵਲੋਂ ਜਾਰੀ ਜਾਣਕਾਰੀ ਅਨੁਸਾਰ ਨਵੇਂ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀ ਪੱਤਰ 19 ਜਨਵਰੀ ਨੂੰ ਦਾਖਲ ਕੀਤੇ ਜਾਣਗੇ ਅਤੇ ਅਗਲੇ ਹੀ ਦਿਨ 20 ਜਨਵਰੀ ਨੂੰ ਨਵੇਂ ਪਾਰਟੀ ਪ੍ਰਧਾਨ ਦੇ ਨਾਂ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ। ਭਾਜਪਾ ਦੇ ਰਿਟਰਨਿੰਗ ਅਫਸਰ ਕੇ. ਲਕਸ਼ਮਣ ਵਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ 19 ਜਨਵਰੀ ਨੂੰ ਦੁਪਹਿਰ 2 ਤੋਂ ਸ਼ਾਮ 4 ਵਜੇ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ ਅਤੇ ਉਸੇ ਦਿਨ ਸ਼ਾਮ 4 ਤੋਂ 5 ਵਜੇ ਤੱਕ ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਸ਼ਾਮ 5 ਤੋਂ 6 ਵਜੇ ਤੱਕ ਨਾਮਜ਼ਦਗੀ ਵਾਪਸ ਲਈ ਜਾ ਸਕੇਗੀ। ਜੇਕਰ ਲੋੜ ਪਈ ਤਾਂ 20 ਜਨਵਰੀ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਉਸੇ ਦਿਨ ਹੀ ਨਵੇਂ ਪ੍ਰਧਾਨ ਦੇ ਨਾਮ ਦਾ ਐਲਾਨ ਕਰ ਦਿੱਤਾ ਜਾਵੇਗਾ। ਇਹ ਸਾਰੀ ਪ੍ਰਕਿਰਿਆ ਭਾਜਪਾ ਦੇ ਨਵੀਂ ਦਿੱਲੀ ’ਚ ਮੁੱਖ ਦਫਤਰ ਵਿਖੇ ਹੋਵੇਗੀ।

