
ਜਗਮੀਤ ਸਿੰਘ ਬਰਾੜ, ਰਿਪਜੀਤ ਸਿੰਘ ਬਰਾੜ, ਚਰਨਜੀਤ ਸਿੰਘ ਬਰਾੜ ਅਤੇ ਉਂਕਾਰ ਸਿੰਘ ਸਿੱਧੂ ਭਾਜਪਾ ’ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚ ਵੱਡੀ ਉਥਲ-ਪੁਥਲ ਹੋਣ ਲੱਗੀ ਹੈ। ਇਸਦੇ ਚੱਲਦਿਆਂ ਪੰਜਾਬ ਦੇ ਚਾਰ ਵੱਡੇ ਚਿਹਰੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਉਨ੍ਹਾਂ ਦੇ ਭਰਾ ਰਿਪਜੀਤ ਸਿੰਘ ਬਰਾੜ, ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਹੇ ਉਂਕਾਰ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਚੰਡੀਗੜ੍ਹ ਸਥਿਤ ਦਫਤਰ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿਚ ਇਹ ਆਗੂ ਭਾਜਪਾ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਨੇ ਆਮ ਆਦਮੀ ਪਾਰਟੀ ਅਤੇ ਹੋਰ ਵਿਰੋਧੀ ਸਿਆਸੀ ਪਾਰਟੀਆਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਭਿ੍ਰਸ਼ਟਾਚਾਰ ਤੋਂ ਮੁਕਤ ਕਰ ਸਕਦੀ ਹੈ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਭਾਜਪਾ ਪੰਜਾਬ ਦਾ ਪਰਿਵਾਰ ਵੱਡਾ ਹੋਇਆ ਹੈ। ਜਾਖੜ ਨੇ ਕਿਹਾ ਕਿ ਭਾਜਪਾ ਹੀ ਇਕੋ ਇਕ ਅਜਿਹੀ ਪਾਰਟੀ ਹੈ, ਜੋ ਮੌਜੂਦਾ ਸਥਿਤੀ ਵਿਚ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲ ਸਕਦੀ ਹੈ। ਇਸ ਮੌਕੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਅਸ਼ਵਨੀ ਸ਼ਰਮਾ, ਵਿਨੀਤ ਜੋਸ਼ੀ ਅਤੇ ਭਾਜਪਾ ਦੀ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰ ਰਹੀ।

