
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਵਿਚ ਹੋਈ ਹੈ। ਇਸ ਮੀਟਿੰਗ ਵਿਚ ਸੂਬੇ ਦੇ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਲੈ ਕੇ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਸਰਕਾਰ ਦੇ ਅਹਿਮ ਫੈਸਲਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਚੀਮਾ ਨੇ ਦੱਸਿਆ ਕਿ ਇਸ ਕੈਬਨਿਟ ਮੀਟਿੰਗ ਵਿਚ ‘ਭਗਵਾਨ ਰਾਮ ਜੀ’ ਦੇ ਜੀਵਨ ਉਤੇ ਅਧਾਰਿਤ 40 ਸ਼ੋਅ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਚੀਮਾ ਨੇ ਦੱਸਿਆ ਕਿ ਸਰਕਾਰ ਨੇ ‘ਪੰਜਾਬ ਮੈਨੇਜਮੈਂਟ ਐਂਡ ਟ੍ਰਾਂਸਫਰ ਮਿਊਂਸੀਪਲ ਐਕਟ 2020’ ਦੀ ਧਾਰਾ 4 ਵਿੱਚ ਵੱਡੀ ਤਬਦੀਲੀ ਕੀਤੀ ਹੈ। ਇਸਦੇ ਚੱਲਦਿਆਂ ਹੁਣ ਨਗਰ ਕੌਂਸਲਾਂ ਦੀ ਜ਼ਮੀਨ ਨੂੰ ਇੱਕ ਵਿਭਾਗ ਤੋਂ ਦੂਜੇ ਵਿਭਾਗ ਜਾਂ ਜਨਤਕ ਕੰਮਾਂ ਲਈ ਤਬਦੀਲ ਕਰਨ ਦਾ ਅਧਿਕਾਰ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਕਮੇਟੀ ਕੋਲ ਹੋਵੇਗਾ। ਮੀਟਿੰਗ ਦੌਰਾਨ ਇਹ ਵੀ ਫੈਸਲਾ ਹੋਇਆ ਕਿ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਦੇ ਮਕਸਦ ਨਾਲ ਸਰਕਾਰ ਜਲਦੀ ਹੀ ਇਕ ਹਜ਼ਾਰ ਯੋਗਾ ਅਧਿਆਪਕਾਂ ਦੀ ਭਰਤੀ ਕਰੇਗੀ। ਇਨ੍ਹਾਂ ਫੈਸਲਿਆਂ ਤੋਂ ਇਲਾਵਾ ਪੰਜਾਬ ਕੈਬਨਿਟ ਵਿਚ ਹੋਰ ਵੀ ਕਈ ਫੈਸਲੇ ਕੀਤੇ ਗਏ ਹਨ।

