11 C
Toronto
Wednesday, March 11, 2026
spot_img
Homeਹਫ਼ਤਾਵਾਰੀ ਫੇਰੀਪੰਜਾਬ ਵਿਚ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਸ਼ੁਰੂ 10 ਲੱਖ ਰੁਪਏ ਤੱਕ...

ਪੰਜਾਬ ਵਿਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਸ਼ੁਰੂ 10 ਲੱਖ ਰੁਪਏ ਤੱਕ ਸਾਲਾਨਾ ਮਿਲੇਗਾ ਮੁਫਤ ਇਲਾਜ

ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਵਿੱਚ ਪਰਿਵਾਰਾਂ ਨੂੰ ਸਕੀਮ ਦੇ ਕਾਰਡ ਵੰਡ ਕੇ ਯੋਜਨਾ ਦਾ ਕੀਤਾ ਆਰੰਭ
ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੇ ਫੇਜ਼ ਅੱਠ ਦੇ ਪੰਚਾਇਤ ਵਿਭਾਗ ਦੇ ਮੁੱਖ ਦਫਤਰ ਵਿਕਾਸ ਭਵਨ ਦੇ ਆਡੀਟੋਰੀਅਮ ਵਿੱਚ ਵੀਰਵਾਰ ਨੂੰ ਪੰਜਾਬ ਦੇ ਹਰ ਵਰਗ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਹੋ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸਕੀਮ ਦੇ ਲਾਭਪਾਤਰੀਆਂ ਨੂੰ ਕਾਰਡ ਵੰਡ ਕੇ ਇਸ ਸਕੀਮ ਦਾ ਆਰੰਭ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂਆਂ ਤੋਂ ਇਲਾਵਾ ਪਾਰਟੀ ਵਰਕਰ ਮੌਜੂਦ ਸਨ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ ਜਿਸ ਤਹਿਤ ਰਾਜ ਦੇ ਤਿੰਨ ਕਰੋੜ ਵਸਨੀਕ ਬਿਨਾਂ ਕਿਸੇ ਪੈਸੇ ਤੋਂ ਪੰਜਾਬ ਦੇ ਕਿਸੇ ਵੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲ ਵਿੱਚ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ ਰਜਿਸਟਰੇਸ਼ਨ 22 ਜਨਵਰੀ ਦਿਨ ਵੀਰਵਾਰ ਤੋਂ ਆਰੰਭ ਹੋ ਚੁੱਕੀ ਹੈ ਅਤੇ ਰਜਿਸਟਰੇਸ਼ਨ ਮੁਕੰਮਲ ਹੁੰਦਿਆਂ ਹੀ ਕੋਈ ਵੀ ਵਿਅਕਤੀ ਇਸ ਦਾ ਲਾਭ ਹਾਸਲ ਕਰ ਸਕੇਗਾ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ ਵੱਖ-ਵੱਖ ਬਿਮਾਰੀਆਂ ਦੇ 2500 ਦੇ ਕਰੀਬ ਪੈਕੇਜ ਹਨ ਅਤੇ ਰਾਜ ਦੇ 95 ਫੀਸਦ ਹਸਪਤਾਲਾਂ ਨੂੰ ਸਕੀਮ ਲਈ ਸੂਚੀਬੱਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ਨੂੰ 15 ਦਿਨਾਂ ਦੇ ਅੰਦਰ ਕੀਤੇ ਗਏ ਇਲਾਜ ਦੀ ਅਦਾਇਗੀ ਯੂਨਾਈਟਿਡ ਇੰਸ਼ੋਰੈਂਸ ਕੰਪਨੀ ਵੱਲੋਂ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਕੀਮ ਦਿਲ, ਕਿਡਨੀ, ਗੋਡੇ ਬਦਲਣ, ਜੱਚਾ ਬੱਚਾ ਤੋਂ ਇਲਾਵਾ ਹਰ ਤਰ੍ਹਾਂ ਦੇ ਇਲਾਜ ਲਈ ਉਪਲਬਧ ਹੋਵੇਗੀ ਇਸ ਮੌਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਉੱਤੇ ਵੀ ਤਿੱਖੇ ਨਿਸ਼ਾਨੇ ਸਾਧੇ ਗਏ।

 

RELATED ARTICLES
POPULAR POSTS