ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਸਰਕਾਰ ਨੇ ਸਿੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰੀਖਿਆਵਾਂ ਦੌਰਾਨ ਕਿਰਪਾਨ ਪਹਿਨਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਵਿਆਹੁਤਾ ਮਹਿਲਾਵਾਂ ਵੀ ਪ੍ਰੀਖਿਆ ਦੌਰਾਨ ਮੰਗਲਸੂਤਰ ਪਾ ਸਕਦੀਆਂ ਹਨ। ਇਸ ਸਬੰਧੀ ਹਰਿਆਣਾ ‘ਚ ਨਾਇਬ ਸਿੰਘ ਸੈਣੀ ਦੀ ਭਾਜਪਾ ਸਰਕਾਰ ਨੇ ਲਿਖਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸੂਬੇ ਦੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਵੱਖ-ਵੱਖ ਭਰਤੀ ਪ੍ਰੀਖਿਆਵਾਂ ਦੌਰਾਨ ਉਮੀਦਵਾਰ ਬਿਨਾਂ ਕਿਸੇ ਰੋਕ-ਟੋਕ ਦੇ ਇਹ ਧਾਰਮਿਕ ਚਿੰਨ੍ਹ ਪਹਿਨ ਸਕਣਗੇ। ਹਰਿਆਣਾ ਸਰਕਾਰ ਨੇ ਇਹ ਫੈਸਲਾ ਦਿੱਲੀ ਹਾਈਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵੱਖ-ਵੱਖ ਫੈਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ। ਜਾਰੀ ਹੁਕਮਾਂ ਅਨੁਸਾਰ ਕਿਰਪਾਨ ਦੀ ਕੁੱਲ ਲੰਬਾਈ 9 ਇੰਚ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਉਸਦੀ ਧਾਰ 6 ਇੰਚ ਤੱਕ ਹੀ ਸੀਮਤ ਰੱਖੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਹਰਿਆਣਾ ਵਿੱਚ ਪ੍ਰੀਖਿਆ ਕੇਂਦਰਾਂ ਦੇ ਬਾਹਰ ਸਿੱਖ ਉਮੀਦਵਾਰਾਂ ਨੂੰ ਕਿਰਪਾਨ ਉਤਾਰਨ ਅਤੇ ਮਹਿਲਾਵਾਂ ਨੂੰ ਮੰਗਲਸੂਤਰ ਉਤਾਰਨ ਲਈ ਮਜਬੂਰ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਸਨ।

