ਪੰਜਾਬ ਕਾਂਗਰਸ ਦੀ ਲੀਡਰਸ਼ਿਪ ‘ਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਕਾਂਗਰਸ ਇੱਕਜੁੱਟ ਹੋ ਕੇ ਲੜੇਗੀ। ਇਹ ਸੁਨੇਹਾ ਕਾਂਗਰਸ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨਾਲ ਦਿੱਲੀ ‘ਚ ਮੀਟਿੰਗ ‘ਚ ਦਿੱਤਾ। ਹਾਈਕਮਾਨ ਦੇ ਇਸ ਫੈਸਲੇ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਬਦਲਣ ਦੀਆਂ ਅਟਕਲਾਂ ਨੂੰ ਵਿਰਾਮ ਦੇ ਦਿੱਤਾ ਹੈ। ਹਾਈਕਮਾਨ ਨੇ ਲੀਡਰਸ਼ਿਪ ਨੂੰ ਸਖ਼ਤ ਸ਼ਬਦਾਂ ‘ਚ ਇਹ ਵੀ ਸੁਨੇਹਾ ਦਿੱਤਾ ਹੈ ਕਿ ਸੂਬਾਈ ਕਾਂਗਰਸ ‘ਚ ਕਿਸੇ ਵੀ ਤਰ੍ਹਾਂ ਦੀ ਧੜੇਬੰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਦਿੱਲੀ ਵਿਖੇ ਕਰੀਬ ਤਿੰਨ ਘੰਟੇ ਚੱਲੀ ਮੀਟਿੰਗ ‘ਚ ਪੰਜਾਬ ਦੇ ਸੀਨੀਅਰ ਨੇਤਾਵਾਂ ਨਾਲ ਰਾਜਸੀ ਮੰਥਨ ਕਰਨ ਮਗਰੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ‘ਚ ਕੋਈ ਬਦਲਾਓ ਨਹੀਂ ਹੋਵੇਗਾ ਅਤੇ ਕਾਂਗਰਸ ਇੱਕਜੁੱਟ ਹੋ ਕੇ ਪੰਜਾਬ ਚੋਣਾਂ ‘ਚ ਕੁੱਦੇਗੀ। ਉਨ੍ਹਾਂ ਕਿਹਾ ਕਿ ਸੂਬਾਈ ਕਾਂਗਰਸ ‘ਚ ਕਿਸੇ ਤਰ੍ਹਾਂ ਦੀ ਗੁੱਟਬੰਦੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਵੇਣੂਗੋਪਾਲ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਨੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੋਸ਼ਲ ਮੀਡੀਆ ਮੰਚਾਂ ਅਤੇ ਮੀਡੀਆ ‘ਚ ਕੋਈ ਵੀ ਆਗੂ ਕਿਸੇ ਤਰ੍ਹਾਂ ਦੀ ਇੱਕ ਦੂਸਰੇ ਪ੍ਰਤੀ ਜਨਤਕ ਬਿਆਨਬਾਜ਼ੀ ਨਹੀਂ ਕਰੇਗੀ ਅਤੇ ਪਾਰਟੀ ਮੰਚ ਦੇ ਆਪਣੀ ਗੱਲ ਰੱਖੇਗਾ। ਵੇਣੂਗੋਪਾਲ ਨੇ ਕਿਹਾ ਕਿ ਪੰਜਾਬ ਲੀਡਰਸ਼ਿਪ ਨੂੰ ਹਦਾਇਤ ਕੀਤੀ ਹੈ ਕਿ ਹਾਈ ਕਮਾਨ ਨੂੰ ਧੜਿਆਂ ‘ਚ ਮਿਲਣ ਜਾਂ ਚਿੱਠੀਆਂ ਲਿਖਣ ਨੂੰ ਬਰਦਾਸ਼ਤ ਨਹੀਂ ਕਰੇਗੀ। ਵਿਅਕਤੀਗਤ ਤੌਰ ‘ਤੇ ਕੋਈ ਵੀ ਨੇਤਾ ਹਾਈ ਕਮਾਨ ਨੂੰ ਮਿਲ ਸਕਦਾ ਹੈ। ਦੱਸਣਯੋਗ ਹੈ ਕਿ ਕਾਂਗਰਸ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨਾਲ ਨਜਿੱਠਣ ਲਈ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਸੱਦੀ ਹੋਈ ਸੀ। ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਦੀ ਦਿੱਲੀ ਵਿਚਲੀ ਰਿਹਾਇਸ਼ ‘ਤੇ ਹੋਈ ਮੀਟਿੰਗ ‘ਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਪਾਰਟੀ ਪ੍ਰਧਾਨ ਖੜਗੇ, ਸੀਨੀਅਰ ਆਗੂ ਰਾਹੁਲ ਗਾਂਧੀ, ਕੇ.ਸੀ ਵੇਣੂਗੋਪਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਸ਼ਾਮਲ ਹਨ।
ਮੀਟਿੰਗ ਮਗਰੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਕਿ ਪਾਰਟੀ ਕਿਸੇ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕਰੇਗੀ ਅਤੇ ਇੱਕਜੁੱਟਤਾ ਨਾਲ ਚੋਣਾਂ ‘ਚ ਉੱਤਰੇਗੀ। ਉਨ੍ਹਾਂ ਮੁੱਖ ਮੰਤਰੀ ਦੇ ਚਿਹਰੇ ਬਾਰੇ ਸਾਫ਼ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਖੜਗੇ ਅਤੇ ਰਾਹੁਲ ਗਾਂਧੀ ਦੀ ਅਗਵਾਈ ‘ਚ ਚੋਣ ਲੜਾਂਗੇ। ਮੀਟਿੰਗ ਮਗਰੋਂ ਮੀਡੀਆ ਅੱਗੇ ਪੰਜਾਬ ਦੇ ਸਾਰੇ ਨੇਤਾਵਾਂ ਨੂੰ ਹੱਥ ‘ਚ ਹੱਥ ਪਾ ਕੇ ਇੱਕਜੁੱਟਤਾ ਦਾ ਸੁਨੇਹਾ ਦਿੱਤਾ। ਪੰਜਾਬ ਦੇ ਕਿਸੇ ਨੇਤਾ ਨੇ ਮੀਡੀਆ ਨਾਲ ਗੱਲ ਕਰਨ ਤੋਂ ਗੁਰੇਜ਼ ਕੀਤਾ।
ਮੀਟਿੰਗ ‘ਚ ਸਿਆਸੀ ਮਾਮਲਿਆਂ ਦੀ ਕਮੇਟੀ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਨੀਅਰ ਆਗੂ ਅੰਬਿਕਾ ਸੋਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਸਾਬਕਾ ਸਪੀਕਰ ਰਾਣਾ ਕੇ.ਪੀ ਸਿੰਘ ਤੋਂ ਇਲਾਵਾ ਸੰਸਦ ਮੈਂਬਰ ਡਾ. ਅਮਰ ਸਿੰਘ ਆਦਿ ਵੀ ਮੀਟਿੰਗ ‘ਚ ਸ਼ਾਮਲ ਹੋਏ। ਚੇਤੇ ਰਹੇ ਕਿ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਪ੍ਰਮੁੱਖ ਅਹੁਦਿਆਂ ਤੇ ਦਲਿਤ ਵਰਗ ਦੀ ਅਣਦੇਖੀ ਵਾਲੇ ਬਿਆਨ ਨੂੰ ਲੈ ਕੇ ਕਈ ਦਿਨਾਂ ਤੋਂ ਪਾਰਟੀ ਅੰਦਰ ਸਿਆਸੀ ਘਮਸਾਣ ਮੱਚਿਆ ਹੋਇਆ ਹੈ। ਬੇਸ਼ੱਕ ਚੰਨੀ ਨੇ ਦੋ ਵਾਰ ਇਸ ਮਾਮਲੇ ‘ਤੇ ਸਫ਼ਾਈ ਵੀ ਜਨਤਿਕ ਤੌਰ ‘ਤੇ ਪੇਸ਼ ਕੀਤੀ ਪ੍ਰੰਤੂ ਮਾਮਲਾ ਠੰਢਾ ਨਹੀਂ ਹੋਇਆ। ਜਾਤ ਪਾਤ ਦੀ ਸਿਆਸਤ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਮੁੜ ਲਕੀਰ ਖਿੱਚੀ ਜਾਣ ਲੱਗੀ ਸੀ। ਪੰਜਾਬ ਵਿਚ ਹੋਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿਚ ‘ਜਾਤੀਵਾਦ ਦੀ ਜੰਗ’ ਛਿੜ ਗਈ ਹੈ। ਚੰਨੀ ਨੇ ਲੰਘੇ ਸ਼ਨੀਵਾਰ ਨੂੰ ਚੰਡੀਗੜ੍ਹ ਵਿਚ ਹੋਈ ਸੂਬਾ ਕਾਂਗਰਸ ਕਮੇਟੀ ਦੀ ਐਸ.ਸੀ. ਸੈਲ ਦੀ ਮੀਟਿੰਗ ਵਿਚ ਇਹ ਮੁੱਦਾ ਉਠਾਇਆ ਸੀ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਘਰ ਦੀਆਂ ਗੱਲਾਂ ਘਰ ਵਿਚ ਹੀ ਰਹਿਣੀਆਂ ਚਾਹੀਦੀਆਂ ਹਨ। ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਜਾਤੀ ਅਤੇ ਧਰਮ ਦੇ ਨਾਮ ‘ਤੇ ਰਾਜਨੀਤੀ ਨਹੀਂ ਕਰਦੀ। ਇਸਦੇ ਚੱਲਦਿਆਂ ਚਰਨਜੀਤ ਸਿੰਘ ਚੰਨੀ ਨੇ ਵੀ ਸਪੱਸ਼ਟ ਕੀਤਾ ਹੈ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਮੇਰੇ ਖਿਲਾਫ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ।
ਉਧਰ ਦੂਜੇ ਪਾਸੇ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚ ਵੱਡੀ ਉਥਲ-ਪੁਥਲ ਹੋਣ ਲੱਗੀ ਹੈ। ਇਸਦੇ ਚੱਲਦਿਆਂ ਪੰਜਾਬ ਦੇ ਚਾਰ ਵੱਡੇ ਚਿਹਰੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਉਨ੍ਹਾਂ ਦੇ ਭਰਾ ਰਿਪਜੀਤ ਸਿੰਘ ਬਰਾੜ, ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਹੇ ਉਂਕਾਰ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਚੰਡੀਗੜ੍ਹ ਸਥਿਤ ਦਫਤਰ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿਚ ਇਹ ਆਗੂ ਭਾਜਪਾ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਨੇ ਆਮ ਆਦਮੀ ਪਾਰਟੀ ਅਤੇ ਹੋਰ ਵਿਰੋਧੀ ਸਿਆਸੀ ਪਾਰਟੀਆਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰ ਸਕਦੀ ਹੈ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਭਾਜਪਾ ਪੰਜਾਬ ਦਾ ਪਰਿਵਾਰ ਵੱਡਾ ਹੋਇਆ ਹੈ। ਜਾਖੜ ਨੇ ਕਿਹਾ ਕਿ ਭਾਜਪਾ ਹੀ ਇਕੋ ਇਕ ਅਜਿਹੀ ਪਾਰਟੀ ਹੈ, ਜੋ ਮੌਜੂਦਾ ਸਥਿਤੀ ਵਿਚ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲ ਸਕਦੀ ਹੈ। ਇਸ ਮੌਕੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਅਸ਼ਵਨੀ ਸ਼ਰਮਾ, ਵਿਨੀਤ ਜੋਸ਼ੀ ਅਤੇ ਭਾਜਪਾ ਦੀ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰ ਰਹੀ। ਅਜਿਹਾ ਸਾਰਾ ਕੁਝ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਕਰਕੇ ਹੋ ਰਿਹਾ ਹੈ ਕਿ ਸਭ ਲੀਡਰਾਂ ਵਿਚ ਕੁਰਸੀ ਹਾਸਲ ਕਰਨ ਲਈ ਦੌੜ ਲੱਗੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚ ਵੀ ਅਜਿਹਾ ਕੁਝ ਹੀ ਹੋ ਰਿਹਾ ਹੈ।
ਪੰਜਾਬ ਦੇ ਸੀਨੀਅਰ ਕਾਂਗਰਸੀਆਂ ਦੀ ਹਾਈਕਮਾਨ ਨੇ ਲਗਾਈ ਕਲਾਸ
RELATED ARTICLES

