
ਚੰਡੀਗੜ੍ਹ/ਬਿਊਰੋ ਨਿਊਜ਼
ਗੁਰਦਾਸਪੁਰ ਅਤੇ ਪਠਾਨਕੋਟ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਧਮਕੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦੀ ਈਮੇਲ ’ਤੇ ਦਿੱਤੀ ਗਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀਆਂ ਟੀਮਾਂ ਨੇ ਜਾਂਚ ਸ਼ੁਰੂ ਕੀਤੀ। ਸਕੂਲ ਦੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪ੍ਰਸ਼ਾਸ਼ਨ ਵਲੋਂ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਘਰੀਂ ਭੇਜ ਦਿੱਤਾ ਗਿਆ। ਸਕੂਲਾਂ ਨੂੰ ਮਿਲੀਆਂ ਧਮਕੀਆਂ ਦੇ ਚੱਲਦਿਆਂ ਇਲਾਕੇ ਵਿਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ, ਪਰ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਪਿਛਲੇ ਦਿਨੀਂ ਗੁਰਦਾਸਪੁਰ ਦੇ ਪ੍ਰਬੰਧਕੀ ਕੰਪਲੈਕਸ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸਕੂਲਾਂ ਅਤੇ ਅਦਾਲਤਾਂ ਨੂੰ ਵੀ ਇਹੋ ਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ।

