
11 ਸਾਲਾਂ ਬਾਅਦ ਪੇਂਡੂ ਉਲੰਪਿਕ ’ਚ ਵਾਪਸੀ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਚ ਲੁਧਿਆਣਾ ਦੇ ਕਿਲ੍ਹਾ ਰਾਏਪੁਰ ਪੇਂਡੂ ਉਲੰਪਿਕ ਵਿਚ ਇਕ ਵਾਰ ਫਿਰ ਤੋਂ ਬੈਲ ਗੱਡੀਆਂ ਦੀਆਂ ਦੌੜਾਂ ਹੋਣ ਜਾ ਰਹੀਆਂ ਹਨ। ਜੇਕਰ ਖੇਡਾਂ ਸ਼ੁਰੂ ਹੋਣ ਤੱਕ ਦੁਬਾਰਾ ਕੋਈ ਕਾਨੂੰਨੀ ਅੜਚਣ ਨਾ ਆਈ ਤਾਂ 11 ਸਾਲਾਂ ਬਾਅਦ ਇਹ ਇਤਿਹਾਸਕ ਖੇਡ ਦੁਬਾਰਾ ਸ਼ੁਰੂ ਹੋਵੇਗੀ। ਦੱਸਣਯੋਗ ਹੈ ਕਿ ਆਉਂਦੀ 30 ਜਨਵਰੀ ਤੋਂ 1 ਫਰਵਰੀ ਤੱਕ ਇਹ ਖੇਡਾਂ ਕਰਵਾਈਆਂ ਜਾਂਦੀਆਂ ਹਨ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ 2014 ਵਿਚ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਵਿਚ ਬੈਲ ਗੱਡੀਆਂ ਦੀਆਂ ਦੌੜਾਂ ਬੰਦ ਕਰਵਾ ਦਿੱਤੀਆਂ ਗਈਆਂ ਸਨ। ਪੰਜਾਬ ਸਰਕਾਰ ਨੇ 11 ਜੁਲਾਈ ਨੂੰ ਵਿਧਾਨ ਸਭਾ ’ਚ ਬਿੱਲ ਪਾਸ ਕਰਕੇ ਬੈਲ ਗੱਡੀਆਂ ਦੀਆਂ ਦੌੜਾਂ ਫਿਰ ਤੋਂ ਕਰਵਾਉਣ ਦਾ ਰਸਤਾ ਸਾਫ ਕਰ ਦਿੱਤਾ ਹੈ। ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦੀ ਸ਼ੁਰੂਆਤ 1933 ਵਿਚ ਹੋਈ ਸੀ ਅਤੇ ਇਹ ਖੇਡਾਂ ਕਿਲ੍ਹਾ ਰਾਏਪੁਰ ਦੇ ਇੰਦਰ ਸਿੰਘ ਗਰੇਵਾਲ ਨੇ ਸ਼ੁਰੂ ਕਰਵਾਈਆਂ ਸਨ। ਹੁਣ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਸਰਕਾਰ ਇਨ੍ਹਾਂ ਖੇਡਾਂ ਦਾ ਆਯੋਜਨ ਕਰ ਰਹੀ ਹੈ।

