
ਪੰਜਾਬ ਦੇ 23 ਜ਼ਿਲ੍ਹਿਆਂ ਵਿੱਚੋਂ ਸਿਰਫ 6 ’ਚ ਹੀ ਐੱਮ. ਆਰ. ਆਈ. ਮਸ਼ੀਨਾਂ
ਚੰਡੀਗੜ੍ਹ/ਬਿਊਰੋ ਨਿਊਜ਼
ਮਲੇਰਕੋਟਲਾ ਦੇ ਜ਼ਿਲ੍ਹਾ ਹਸਪਤਾਲ ਵਿੱਚ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ.) ਦੀ ਅਣਹੋਂਦ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੈਰਾਨੀ ਪ੍ਰਗਟ ਕੀਤੀ ਹੈ। ਇਸ ਨੂੰ ਲੈ ਕੇ ਹਾਈਕੋਰਟ ਨੇ ਸਬੰਧਤ ਸਕੱਤਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ ਆਈ. ਸੀ. ਯੂ. ਸਹੂਲਤਾਂ ਦੀ ਉਪਲਬਧਤਾ ਬਾਰੇ ਵਿਸਤਿ੍ਰਤ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਨਯੋਗ ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਪਟੀਸ਼ਨਰ ਦੇ ਵਕੀਲ ਵੱਲੋਂ ਦਿੱਤੀ ਗਈ ਦਲੀਲ ਦਾ ਨੋਟਿਸ ਲੈਂਦਿਆਂ ਕਿਹਾ ਕਿ ਮਾਲੇਰਕੋਟਲਾ ਵਰਗੇ ਜ਼ਿਲ੍ਹਾ ਹਸਪਤਾਲ ਵਿੱਚ ਆਈ ਸੀ ਯੂ ਦਾ ਨਾ ਹੋਣਾ ਨਾ ਸਿਰਫ ਹੈਰਾਨੀਜਨਕ ਹੈ, ਸਗੋਂ ਝਟਕਾ ਦੇਣ ਵਾਲਾ ਹੈ। ਅਦਾਲਤ ਨੇ ਇਸ ਮੁੱਦੇ ਦੇ ਘੇਰੇ ਨੂੰ ਹੋਰ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਤੱਕ ਵਧਾਉਂਦੇ ਹੋਏ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ ਆਈ.ਸੀ.ਯੂ. ਦੀ ਉਪਲਬਧਤਾ ਬਾਰੇ ਸਕੱਤਰ ਵੱਲੋਂ ਹਲਫਨਾਮਾ ਦਾਇਰ ਕੀਤਾ ਜਾਵੇ।

