
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਜੀਤ ਪਵਾਰ ਦੀ ਮੌਤ ’ਤੇ ਦੁੱਖ ਪ੍ਰਗਟ
ਨਵੀਂ ਦਿੱਲੀ/ਬਿਊਰੋ ਨਿਊਜ਼
ਮਹਾਰਾਸ਼ਟਰ ਦੇ ਮੌਜੂਦਾ ਡਿਪਟੀ ਮੁੱਖ ਮੰਤਰੀ ਅਜੀਤ ਪਵਾਰ ਅਤੇ ਚਾਰ ਹੋਰ ਵਿਅਕਤੀਆਂ ਦੀ ਅੱਜ ਬੁੱਧਵਾਰ ਸਵੇਰੇ ਪੁਣੇ ਜ਼ਿਲ੍ਹੇ ਵਿਚ ਜਹਾਜ਼ ਹਾਦਸੇ ਦੌਰਾਨ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਜੀਤ ਪਵਾਰ ਦਾ ਜਹਾਜ਼ ਪੁਣੇ ਦੇ ਬਾਰਾਮਤੀ ਇਲਾਕੇ ਵਿਚ ਲੈਂਡ ਕਰ ਰਿਹਾ ਸੀ। ਮਿਲ ਰਹੀਆਂ ਖਬਰਾਂ ਮੁਤਾਬਕ ਅਜੀਤ ਪਵਾਰ ਉਸ ਜਹਾਜ਼ ਵਿਚ ਸਵਾਰ ਹੋ ਕੇ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ। ਇਸ ਜਹਾਜ਼ ਵਿਚ ਕੁੱਲ 5 ਵਿਅਕਤੀ ਸਵਾਰ ਸਨ ਅਤੇ ਇਨ੍ਹਾਂ ਸਾਰੇ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਸਣੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਅਜੀਤ ਪਵਾਰ ਦੇ ਦਿਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

