
ਗਿਆਨੀ ਹਰਪ੍ਰੀਤ ਸਿੰਘ ਦਾ ਸਵਾਲ – ਕੀ ਭੱਠਲ ਖਿਲਾਫ ਕੇਸ ਦਰਜ ਹੋਵੇਗਾ?
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਸਾਬਕਾ ਕਾਂਗਰਸੀ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਬੰਬ ਵਿਸਫੋਟ ਵਾਲੇ ਬਿਆਨ ’ਤੇ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਬੰਬ ਵਿਸਫੋਟ ਵਾਲੇ ਬਿਆਨ ’ਤੇ ਭੱਠਲ ਦੇ ਨਾਲ-ਨਾਲ ਕਾਂਗਰਸ ਪਾਰਟੀ ਦੇ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਇਸ ਨੂੰ ਲੈ ਕੇ ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਲ ਕੀਤਾ ਹੈ ਕਿ ਕੀ ਪੰਜਾਬ ਸਰਕਾਰ ਰਾਜਿੰਦਰ ਕੌਰ ਭੱਠਲ ਖਿਲਾਫ ਕੇਸ ਦਰਜ ਕਰੇਗੀ? ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜਦੋਂ ਪੰਜਾਬ ਕਾਂਗਰਸ ਦੇ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਪੰਜਾਬ ਵਿਚ ਬੰਬ ਆ ਗਏ ਹਨ ਤਾਂ ਸਰਕਾਰ ਨੇ ਉਨ੍ਹਾਂ ਦੇ ਖਿਲਾਫ ਪਰਚਾ ਦਰਜ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਸਪੱਸ਼ਟ ਕੀਤਾ ਸੀ ਕਿ ਅਫਸਰਾਂ ਨੇ ਉਨ੍ਹਾਂ ਨੂੰ ਕਾਂਗਰਸ ਦੀ ਦੁਬਾਰਾ ਸਰਕਾਰ ਬਣਾਉਣ ਲਈ ਬੰਬ ਵਿਸਫੋਟ ਕਰਵਾਉਣ ਦੀ ਗੱਲ ਕਹੀ ਸੀ। ਭੱਠਲ ਦੇ ਇਸ ਬਿਆਨ ’ਤੇ ਹੁਣ ਸਿਆਸਤ ਗਰਮਾਉਂਦੀ ਜਾ ਰਹੀ ਹੈ।

