ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਵੀਂ ਬਣੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ 9 ਮੰਤਰੀਆਂ ਨੇ ਆਪੋ-ਆਪਣੇ ਅਹੁਦੇ ਸੰਭਾਲ ਲਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਕੇ ਪੰਜਾਬ ਦੇ ਸਾਰੇ ਅਫਸਰਾਂ ਨੂੰ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਲਈ ਕਹਿ ਦਿੱਤਾ ਹੈ ਅਤੇ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਤਰ੍ਹਾਂ ਬ੍ਰਹਮ ਮਹਿੰਦਰਾ ਨੇ ਸਿਹਤ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਬ੍ਰਹਮ ਮਹਿੰਦਰਾ ਪਟਿਆਲਾ ਦਿਹਾਤੀ ਸੀਟ ਤੋਂ 6 ਵਾਰ ਵਿਧਾਇਕ ਚੁਣੇ ਗਏ ਹਨ। ਨਵਜੋਤ ਸਿੰਘ ਸਿੱਧੂ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ ਅਤੇ ਕੰਮਕਾਰ ਸ਼ੁਰੂ ਕਰ ਦਿੱਤਾ ਹੈ। ਸਿੰਚਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਵੀ ਆਪਣਾ ਅਹੁਦਾ ਸੰਭਾਲ ਲਿਆ ਹੈ। ਰਾਣਾ ਗੁਰਜੀਤ ਕਪੂਰਥਲਾ ਤੋਂ ਵਿਧਾਇਕ ਚੁਣੇ ਗਏ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਅਹੁਦਾ ਸੰਭਾਲ ਕੇ ਤਨਦੇਹੀ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ। ਮਨਪ੍ਰੀਤ ਬਾਦਲ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਚੁਣੇ ਗਏ ਹਨ। ਸਾਧੂ ਸਿੰਘ ਧਰਮਸੋਤ ਨੇ ਜੰਗਲਾਤ, ਪ੍ਰਿਟਿੰਗ ਅਤੇ ਅਨੁਸੂਚਿਤ ਜਾਤੀ ਭਲਾਈ ਮੰਤਰੀ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਚਰਨਜੀਤ ਸਿੰਘ ਚੰਨੀ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਦਾ ਚਾਰਜ ਮਿਲਿਆ ਅਤੇ ਅਤੇ ਉਨ੍ਹਾਂ ਨੇ ਵੀ ਅਹੁਦਾ ਸੰਭਾਲ ਕੇ ਕੰਮ ਸ਼ੁਰੂ ਕਰ ਦਿੱਤਾ ਹੈ। ਉਚ ਤੇ ਸਕੂਲੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਰਾਜ ਮੰਤਰੀ ਦੇ ਤੌਰ ‘ਤੇ ਅਹੁਦੇ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਇਸੇ ਤਰ੍ਹਾਂ ਪੀਡਬਲਿਊਡੀ ਅਤੇ ਬੀ.ਐਂਡ ਆਰ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …