
ਪਿਛਲੇ ਦਿਨੀਂ ਜੇਲ੍ਹ ਵਿਚੋਂ ਜ਼ਮਾਨਤ ’ਤੇ ਬਾਹਰ ਆਏ ਹਨ ਮਜੀਠੀਆ
ਬਿਆਸ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੁੱਧਵਾਰ ਨੂੰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਡੇਰਾ ਬਿਆਸ ਪਹੁੰਚ ਕੇ ਮਜੀਠੀਆ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ਅਤਿ ਸਤਿਕਾਰਯੋਗ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਨੂੰ ਮਿਲ ਕੇ ਬਹੁਤ ਹੀ ਪਿਆਰ ਅਤੇ ਸਨੇਹ ਮਿਲਿਆ। ਮਜੀਠੀਆ ਨੇ ਕਿਹਾ ਕਿ ਸਾਡੇ ਔਖੇ-ਸੌਖੇ ਸਮੇਂ ਵਿਚ ਬਾਬਾ ਜੀ ਨੇ ਦਾਸ ਦਾ ਹਮੇਸ਼ਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਦਾਸ ਕੋਲ ਕੋਈ ਲਫ਼ਜ਼ ਨਹੀਂ, ਜਿਸ ਨਾਲ ਦਾਸ ਬਾਬਾ ਜੀ ਦਾ ਧੰਨਵਾਦ ਕਰ ਸਕੇ। ਮਜੀਠੀਆ ਨੇ ਕਿਹਾ, ਗੁਰੂ ਸਾਹਿਬ ਬਲ ਬਖਸ਼ਣ ਕਿ ਇਹ ਸਾਂਝ ਹਮੇਸ਼ਾ ਇਸੇ ਤਰ੍ਹਾਂ ਬਰਕਰਾਰ ਰਹੇ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜੇਲ੍ਹ ਵਿਚ ਸਨ ਅਤੇ ਕੁਝ ਦਿਨ ਪਹਿਲਾਂ ਹੀ ਮਜੀਠੀਆ ਜ਼ਮਾਨਤ ’ਤੇ ਬਾਹਰ ਆਏ ਹਨ।

