ਪੰਜਾਬ ਦੀ ਕਾਰਜਕਾਰਨੀ ਸੰਵਿਧਾਨ ਅਨੁਸਾਰ ਬਣਾਈ ਜਾਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਵਿੱਚ ਹਾਰ ਤੋਂ ਬਾਅਦ ਸੰਵਿਧਾਨ ਚੇਤੇ ਆਉਣਾ ਲੱਗਾ ਹੈ। ‘ਆਪ’ ਦੇ ਸਮੂਹ ਜਿੱਤੇ ਅਤੇ ਹਾਰੇ ਉਮੀਦਵਾਰਾਂ ਦੀ ਹੋਈ ਮੀਟਿੰਗ ਵਿਚ ਹਾਰ ਦੇ ਕਾਰਨਾਂ ਦਾ ਮੰਥਨ ਕਰਨ ਤੋਂ ਬਾਅਦ ਫੈਸਲਾ ਕੀਤਾ ਗਿਆ ਹੈ ਕਿ ਹੁਣ ਪੰਜਾਬ ਦੀ ਕਾਰਜਕਾਰਨੀ ਸੰਵਿਧਾਨ ਮੁਤਾਬਕ ਹੀ ਬਣਾਈ ਜਾਵੇਗੀ। ਜਦੋਂ ਤੱਕ ‘ਆਪ’ ਦੀ ਪੰਜਾਬ ਦੀ ਬਾਡੀ ਪਾਰਟੀ ਸੰਵਿਧਾਨ ਅਨੁਸਾਰ ਨਹੀਂ ਬਣਦੀ, ਉਦੋਂ ਤੱਕ ਚੋਣ ਪ੍ਰਚਾਰ ਕਮੇਟੀ ਪਾਰਟੀ ਦੀਆਂ ਸਰਗਰਮੀਆਂ ਚਲਾਵੇਗੀ। ਇਸ ਕਮੇਟੀ ਦੀ ਅਗਵਾਈ ਸੰਸਦ ਮੈਂਬਰ ਭਗਵੰਤ ਮਾਨ ਦੇ ਹੱਥ ਹੈ, ਜਿਸ ਵਿਚ ਵਿਧਾਇਕ ਸੁਖਪਾਲ ਸਿੰਘ ਖਹਿਰਾ, ਕੰਵਰ ਸੰਧੂ, ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ ਅਤੇ ਯੂਥ ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਬੈਂਸ ਤੇ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਆਦਿ ਸ਼ਾਮਲ ਹਨ।
ਸੂਤਰਾਂ ਅਨੁਸਾਰ ਸਮੂਹ ਜਿੱਤੇ ਤੇ ਹਾਰੇ ਉਮੀਦਵਾਰਾਂ ਦੀ ਮੀਟਿੰਗ ਦੌਰਾਨ ਅਹਿਮ ਫੈਸਲਾ ਕੀਤਾ ਗਿਆ ਕਿ ਪੰਜਾਬ ਇਕਾਈ ਨੂੰ ਹੁਣ ઠਸੰਵਿਧਾਨ ਅਨੁਸਾਰ ਹੀ ਬਣਾਇਆ ਜਾਵੇਗਾ। ਇਸ ਤਹਿਤ ਲੋਕ ਸਭਾ ਹਲਕਿਆਂ ‘ਤੇ ਅਧਾਰਿਤ ਜ਼ੋਨਲ ਨੂੰ ਇੰਚਾਰਜਾਂ ਨੂੰ ਹਟਾ ਕੇ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ ਜਾਣਗੀਆਂ। ਫਿਰ ਬਾਕਾਇਦਾ ਸੂਬਾਈ ਬਾਡੀ ਦੀ ਚੋਣ ਹੋਵੇਗੀ। ਮੀਟਿੰਗ ਵਿਚ ਹਾਰ ਦੇ ਹੋਰ ਕਾਰਨਾਂ ਦੇ ਨਾਲ ਇਕ ਆਗੂ ਨੇ ਰੋਚਕ ਪੱਖ ਰੱਖਦਿਆਂ ਕਿਹਾ ਕਿ ਪਾਰਟੀ ਵਲੋਂ ਨਸ਼ਿਆਂ ਵਿਰੁੱਧ ‘ਲੋੜੋਂ ਵੱਧ ਪ੍ਰਚਾਰ’ ਕਰਨ ਕਾਰਨ ਡੋਡਿਆਂ ਦੇ ਸ਼ੌਕੀਨ ਵੀ ਪਾਰਟੀ ਖ਼ਿਲਾਫ਼ ਹੋ ਗਏ।
ਮਜ਼ੇਦਾਰ ਗੱਲ ਇਹ ਹੈ ਕਿ ਮੀਟਿੰਗ ਵਿਚ ਪੰਜਾਬ ਇਕਾਈ ਦੇ ਇੰਚਾਰਜ ਸੰਜੇ ਸਿੰਘ ਅਤੇ ਪੰਜਾਬ ਦੇ ਜਥੇਬੰਦਕ ਢਾਂਚੇ ਦੇ ਘਾੜੇ ਦੁਰਗੇਸ਼ ਪਾਠਕ ਸ਼ਾਮਲ ਨਹੀਂ ਸਨ, ਜਦਕਿ ਚੋਣਾਂ ਤੋਂ ਪਹਿਲਾਂ ਇਨ੍ਹਾਂ ਦੇ ਇਸ਼ਾਰੇ ਤੋਂ ਬਿਨਾਂ ਪਾਰਟੀ ਵਿਚ ਕੋਈ ਫੈਸਲਾ ਨਹੀਂ ਹੁੰਦਾ ਸੀ। ਮੀਟਿੰਗ ਦੌਰਾਨ ਕਈ ਲੀਡਰਾਂ ਨੇ ਪੰਜਾਬ ਇਕਾਈ ਵਿਚ ਦਿੱਲੀ ਦੀ ਲੀਡਰਸ਼ਿਪ ਦੀ ਫਾਲਤੂ ਦਖਲਅੰਦਾਜ਼ੀ ਦਾ ਮੁੱਦਾ ਬੜੇ ਜ਼ੋਰ ਨਾਲ ਉਠਾਇਆ।
ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਪੁਸ਼ਟੀ ਕੀਤੀ ਕਿ ਹੁਣ ਪਾਰਟੀ ਸੰਵਿਧਾਨ ਅਨੁਸਾਰ ਲੋਕ ਸਭਾ ਹਲਕਿਆਂ ਅਨੁਸਾਰ ਜ਼ੋਨਲ ਇੰਚਾਰਜਾਂ ਦੀਆਂ ਕਮੇਟੀਆਂ ਭੰਗ ਕਰਕੇ ਜ਼ਿਲ੍ਹਾ ਪੱਧਰੀ ਇਕਾਈਆਂ ਬਣਾਈਆਂ ਜਾਣਗੀਆਂ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।