
ਸ਼ੋ੍ਰਮਣੀ ਅਕਾਲੀ ਦਲ ਬਾਦਲ ’ਤੇ ਸਾਧੇ ਤਿੱਖੇ ਨਿਸ਼ਾਨੇ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਵਿਚ ਚੱਲ ਰਹੀ ਸਿਆਸੀ ਉਥਲ-ਪੁਥਲ ਦਰਮਿਆਨ ‘ਅਕਾਲੀ ਦਲ ਪੁਨਰ ਸੁਰਜੀਤ’ ਦੀ ਸਟੇਜ ਤੋਂ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਦਲ ਬਾਦਲ ਵਿਰੁੱਧ ਜ਼ੋਰਦਾਰ ਹੱਲਾ ਬੋਲਿਆ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਸਿਆਸੀ ਇਕੱਠ ਨੂੰ ਸੰਬੋਧਨ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਬਾਦਲ ਪਰਿਵਾਰ ਦੀਆਂ ਨੀਤੀਆਂ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੰਗੀ ਗਈ ਮੁਆਫੀ ’ਤੇ ਸਵਾਲ ਖੜ੍ਹੇ ਕੀਤੇ ਹਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਆਪਣੇ ਗੁਨਾਹ ਕਬੂਲ ਕਰਨ ਦਾ ਜੋ ਨਾਟਕ ਕੀਤਾ, ਉਸ ਦੀ ਸੱਚਾਈ ਬਾਹਰ ਆ ਕੇ ਬਦਲ ਗਈ। ਗਿਆਨੀ ਰਘਬੀਰ ਸਿੰਘ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਬਾਦਲਾਂ ਦੀ ਇਹ ਮੁਆਫੀ ਦਿਲੋਂ ਨਹੀਂ, ਸਿਰਫ ਸਿਆਸੀ ਮਜਬੂਰੀ ਸੀ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਪੰਥਕ ਰਵਾਇਤਾਂ ਨੂੰ ਪਿੱਠ ਦਿਖਾ ਕੇ ਸਿਰਫ ਪਰਿਵਾਰਵਾਦ ਨੂੰ ਉਤਸ਼ਾਹਿਤ ਕੀਤਾ ਹੈ। ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਗਤ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਥਕ ਸਿਧਾਂਤਾਂ ਦੀ ਬਹਾਲੀ ਲਈ ਅਕਾਲੀ ਦਲ ਪੁਨਰ ਸੁਰਜੀਤ ਦੇ ਕਾਫਲੇ ਦਾ ਹਿੱਸਾ ਬਣਨ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਕਮੇਟੀ ਨੇ ਪਿਛਲੇ ਦਿਨੀਂ ਗਿਆਨੀ ਰਘਬੀਰ ਸਿੰਘ ਨੂੰ ਹੈਡ ਗ੍ਰੰਥੀ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਸੀ।

