11.5 C
Toronto
Saturday, May 23, 2026
spot_img
HomeਕੈਨੇਡਾFrontਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ...

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਪੂਰਥਲਾ, ਫਗਵਾੜਾ ਦੇ ਪਲਾਹੀ ਗੇਟ ਦੇ ਵਸਨੀਕ ਆਤਿਸ਼ ਸੁਮਨ (22) ਅਤੇ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਕਲਾਂ ਦੇ ਵਸਨੀਕ ਸਵਿੰਦਰ ਸਿੰਘ ਉਰਫ਼ ਸੁੰਦਰੀ (28) ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ-ਅਧਾਰਤ ਹੈਂਡਲਰਾਂ ਅਤੇ ਜੇਲ੍ਹ ‘ਚ ਬੰਦ ਕਾਰਕੁਨਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਫਿਰ ਮਾਝਾ ਤੇ ਦੋਆਬਾ ਖੇਤਰਾਂ ਇਸਦੀ ਸਪਲਾਈ ‘ਚ ਉਕਤ ਮੁਲਜ਼ਮਾਂ ਦੀ ਸਹਾਇਤਾ ਕਰਦੇ ਸਨ। ਉਨ੍ਹਾਂ ਕਿਹਾ ਕਿ ਦੋਵੇਂ ਮੁਲਜ਼ਮ ਖਿਲਾਫ਼ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ  ਪੁਲਿਸ ਟੀਮਾਂ ਨੇ ਮੁਲਜ਼ਮ ਆਤਿਸ਼ ਸੁਮਨ ਨੂੰ 220 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਅਗਲੇਰੀ ਪੁੱਛਗਿੱਛ ਵਿੱਚ 670 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਉਸ ਤੋਂ ਹੈਰੋਇਨ ਦੀ ਕੁੱਲ ਬਰਾਮਦਗੀ 890 ਗ੍ਰਾਮ ਹੋ ਗਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਆਤਿਸ਼ ਸੁਮਨ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਉਸਦੇ ਸਾਥੀ ਸਵਿੰਦਰ ਸਿੰਘ ਉਰਫ ਸੁੰਦਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ, ਜਿਸ ਤੋਂ 3.24 ਕਿਲੋ ਹੈਰੋਇਨ ਦੀ ਵੱਡੀ ਬਰਾਮਦਗੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 64 ਮਿਤੀ 27-03-2026 ਦਰਜ ਕੀਤੀ ਗਈ ਹੈ।

RELATED ARTICLES
POPULAR POSTS