ਪੰਜਾਬ ਸਰਕਾਰ ਦਾ ਖਜ਼ਾਨਾ ਹੈ ਖਾਲੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਨਵੀਂ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਮੌਜੂਦਾ ਵਿੱਤੀ ਹਾਲਾਤ ਬਾਰੇ ਜਾਣੂ ਕਰਵਾਇਆ। ਰਾਜਪਾਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਲਕਾ ਇੰਚਾਰਜਾਂ ਦੇ ਜ਼ਰੀਏ ਪ੍ਰਸ਼ਾਸਨਿਕ ਕੰਮਾਂ ਵਿੱਚ ਸਿਆਸੀ ਦਖਲਅੰਦਾਜ਼ੀ ਬਹੁਤ ਵਧ ਗਈ ਸੀ। ਪੰਜਾਬ ਦੇ ਵਿੱਤੀ ਹਾਲਾਤ ਬਾਰੇ ਗਵਰਨਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ 13,484 ਕਰੋੜ ਰੁਪਏ ਦੇ ਵਿੱਤੀ ਘਾਟੇ ਨਾਲ ਖਜ਼ਾਨਾ ਖਾਲੀ ਹੈ। ਵਿੱਤੀ ਸਾਲ ਦਾ ਘਾਟਾ 26,801 ਕਰੋੜ ਹੈ। ਵੱਡੇ ਕਰਜ਼ੇ ਲੈਣ ਕਾਰਨ ਸੂਬੇ ‘ਤੇ ਵਿਆਜ਼ ਦਾ ਬੋਝ ਕਾਫੀ ਹੈ ਤੇ ਵਿੱਤੀ ਦਬਾਅ ਨੂੰ ਘੱਟ ਕਰਨ ਲਈ ਸਰਕਾਰ ਨੂੰ ਖਰਚੇ ਕਾਬੂ ਕਰਨੇ ਪੈਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਸਰਕਾਰ ਨੇ 30 ਮੁੱਖ ਸੰਸਦੀ ਸਕੱਤਰਾਂ ਸਮੇਤ ਹੋਰ ਬਹੁਤ ਸਾਰੀਆਂ ਸਿਆਸੀ ਨਿਯੁਕਤੀਆਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਵਿੱਚ ‘ਸੀਪੀਐਸ ਬਿੱਲ’ ਲਿਆਂਦਾ ਜਾਵੇਗਾ ਤੇ ਉਸ ਤਹਿਤ ਹੀ ਕਾਨੂੰਨੀ ਤਰੀਕੇ ਨਾਲ ਮੁੱਖ ਸੰਸਦੀ ਸਕੱਤਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਗਵਰਨਰ ਦੇ ਭਾਸ਼ਣ ਦੌਰਾਨ ਅਕਾਲੀ ਤੇ ‘ਆਪ’ ਵਿਧਾਇਕ ਵੀ ਪੂਰਾ ਸਮਾਂ ਹਾਜ਼ਰ ਰਹੇ।
‘ਬਾਦਲਾਂ ਨੇ ਰੱਖੇ 30 ਸਟਾਫ ਮੈਂਬਰ, ਮੇਰੇ ਕੋਲ ਸਿਰਫ ਨੌਂ’
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਸੰਸਦੀ ਸਕੱਤਰਾਂ ਦੀ ਨਿਯੁਕਤੀ ਸਬੰਧੀ ਬਿੱਲ ਬਜਟ ਇਜਲਾਸ ਵਿਚ ਲਿਆਂਦਾ ਜਾਵੇਗਾ। ਸੰਸਦੀ ਸਕੱਤਰ ਨਾ ਸਿਰਫ ਮੰਤਰੀਆਂ ਦਾ ਬੋਝ ਘੱਟ ਕਰਨਗੇ ਬਲਕਿ ਨਵੇਂ ਵਿਧਾਇਕਾਂ ਨੂੰ ਸਿੱਖਣ ਦਾ ਮੌਕਾ ਮਿਲੇਗਾ। ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪਿਤਾ-ਪੁੱਤਰ ਨੇ 30 ਸਟਾਫ ਮੈਂਬਰ ਰੱਖੇ ਸਨ, ਪਰ ਮੈਂ ਤਾਂ ਨੌਂ ਹੀ ਰੱਖੇ ਹਨ। ਵਿਧਾਨ ਸਭਾ ਕੰਪਲੈਕਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਸੰਸਦੀ ਸਕੱਤਰ ਨਿਯੁਕਤ ਕਰਨੇ ਜ਼ਰੂਰੀ ਹਨ।
ਭਾਸ਼ਣ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਹੈ : ਫੂਲਕਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ ਐਸ ਫੂਲਕਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਦਿੱਤਾ ਭਾਸ਼ਣ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਹੈ। ਸੂਬੇ ਦੀ ਕਾਨੂੰਨ ਵਿਵਸਥਾ ਵਿਚ ਸੁਧਾਰ ਲਈ ਕੁਝ ਵੀ ਨਹੀਂ ਕਿਹਾ ਗਿਆ। ਉਹਨਾਂ ਕਿਹਾ ਕਿ ਰਾਜਪਾਲ ਦੇ ਭਾਸ਼ਣ ਵਿਚ ਮੁਸ਼ਕਲਾਂ ਬਾਰੇ ਤਾਂ ਦੱਸਿਆ ਗਿਆ ਹੈ ਪਰ ਇਨ੍ਹਾਂ ਦਾ ਹੱਲ ਕਿਸ ਤਰ੍ਹਾਂ ਕੀਤਾ ਜਾਵੇਗਾ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ।
Check Also
ਸੰਯੁਕਤ ਕਿਸਾਨ ਮੋਰਚਾ ਰਾਜਨੀਤਿਕ ਨੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਬਣਾਈ ਦੂਰੀ
ਮੋਰਚੇ ਵੱਲੋਂ ਜਨਵਰੀ ਦੇ ਪਹਿਲੇ ਰਾਸ਼ਟਰਪਤੀ ਜਾਂ ਖੇਤੀ ਮੰਤਰੀ ਨਾਲ ਕੀਤੀ ਜਾਵੇਗੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ …