
ਟਰੰਪ ਨੇ ਕਿਹਾ : ਅੱਜ ਵਿਸ਼ਵ ਸ਼ਾਂਤੀ ਲਈ ਵੱਡਾ ਦਿਨ
ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ’ਤੇ ਵਿਨਾਸ਼ਕਾਰੀ ਹਮਲੇ ਕਰਨ ਦੀਆਂ ਆਪਣੀਆਂ ਧਮਕੀਆਂ ਵਾਪਸ ਲੈ ਲਈਆਂ ਹਨ। ਅਮਰੀਕਾ ਅਤੇ ਇਰਾਨ ਦੋ ਹਫਤਿਆਂ ਦੀ ਜੰਗਬੰਦੀ ਲਈ ਸਹਿਮਤ ਹੋਏ ਹਨ, ਜਿਸ ਵਿਚ ਹੋਰਮੁਜ਼ ਦੇ ਜਲਮਾਰਗ ਨੂੰ ਮੁੜ ਖੋਲ੍ਹਣਾ ਵੀ ਸ਼ਾਮਲ ਹੈ। ਟਰੰਪ ਨੇ ਤਹਿਰਾਨ ਨੂੰ ਦਿੱਤੀ ਗਈ ਸਮਾਂ ਸੀਮਾ ਖਤਮ ਹੋਣ ਤੋਂ ਦੋ ਘੰਟੇ ਪਹਿਲਾਂ ਜੰਗ ਨੂੰ ਰੋਕਣ ਦਾ ਫੈਸਲਾ ਕੀਤਾ ਹੈ। ਇਰਾਨ ਦੀ ਸੁਪਰੀਮ ਨੈਸ਼ਨਲ ਸਕਿਉਰਿਟੀ ਕੌਂਸਲ ਨੇ ਜੰਗਬੰਦੀ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਆਉਂਦੇ ਸ਼ੁੱਕਰਵਾਰ ਤੋਂ ਪਾਕਿਸਤਾਨ ਵਿਚ ਅਮਰੀਕਾ ਨਾਲ ਗੱਲਬਾਤ ਸ਼ੁਰੂ ਕਰੇਗੀ। ਇਸੇ ਦੌਰਾਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਹੈ ਕਿ ਇਜ਼ਰਾਈਲ ਇਸ ਜੰਗਬੰਦੀ ਦਾ ਸਮਰਥਨ ਕਰਦਾ ਹੈ। ਇਸੇ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਕਿਹਾ ਕਿ ਵਿਸ਼ਵ ਸ਼ਾਂਤੀ ਲਈ ਅੱਜ ਇਕ ਵੱਡਾ ਦਿਨ ਹੈ। ਉਨ੍ਹਾਂ ਕਿਹਾ ਕਿ ਇਰਾਨ ਹੁਣ ਟਕਰਾਅ ਤੋਂ ਥੱਕ ਗਿਆ ਹੈ ਅਤੇ ਸ਼ਾਂਤੀ ਚਾਹੁੰਦਾ ਹੈ। ਟਰੰਪ ਨੇ ਇਹ ਵੀ ਕਿਹਾ ਕਿ ਹੋਰ ਧਿਰਾਂ ਵੀ ਤਣਾਅ ਖਤਮ ਕਰਨ ਦੇ ਹੱਕ ਵਿਚ ਹਨ। ਟਰੰਪ ਨੇ ਦਾਅਵਾ ਕੀਤਾ ਕਿ ਭਵਿੱਖ ਵਿਚ ਕਈ ਸਕਾਰਾਤਮਕ ਕਦਮ ਚੁੱਕੇ ਜਾਣਗੇ, ਜਿਸ ਨਾਲ ਆਰਥਿਕ ਗਤੀਵਿਧੀਆਂ ਵਿਚ ਵਾਧਾ ਹੋਵੇਗਾ। ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਇਹ ਸਮਾਂ ਮੱਧ ਪੂਰਬ ਲਈ ‘ਸੁਨਹਿਰੀ ਯੁੱਗ’ ਦੀ ਸ਼ੁਰੂਆਤ ਸਾਬਤ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਇਜ਼ਰਾਈਲ-ਅਮਰੀਕਾ ਅਤੇ ਇਰਾਨ ਵਿਚਾਲੇ ਪਿਛਲੇ 40 ਦਿਨਾਂ ਤੋਂ ਜੰਗ ਚੱਲ ਰਹੀ ਸੀ।

