17.3 C
Toronto
Wednesday, May 27, 2026
spot_img
Homeਹਫ਼ਤਾਵਾਰੀ ਫੇਰੀਤਨਖਾਹ ਲਾਉਣ ਨੂੰ 'ਸਾਜਿਸ਼' ਦੱਸਣ 'ਤੇ ਸਾਬਕਾ ਜਥੇਦਾਰ ਵੱਲੋਂ ਸੁਖਬੀਰ ਬਾਦਲ ਨੂੰ...

ਤਨਖਾਹ ਲਾਉਣ ਨੂੰ ‘ਸਾਜਿਸ਼’ ਦੱਸਣ ‘ਤੇ ਸਾਬਕਾ ਜਥੇਦਾਰ ਵੱਲੋਂ ਸੁਖਬੀਰ ਬਾਦਲ ਨੂੰ ਚੁਣੌਤੀ

ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਬਾਦਲ ਦੇ ਇਲਜ਼ਾਮਾਂ ਦਾ ਤਿੱਖਾ ਜਵਾਬ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੇ ਗਏ ਫੈਸਲੇ ਨੂੰ ਸਾਜਿਸ਼ ਆਖੇ ਜਾਣ ‘ਤੇ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਉਹ (ਬਾਦਲ) ਇਹ ਗੱਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਤੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਆ ਕੇ ਕਹਿਣ ਅਤੇ ਸੰਗਤ ਦੇ ਸਾਹਮਣੇ ਸਾਬਤ ਕਰ ਦੇਣ ਤਾਂ ਉਹ ਹਰ ਤਰ੍ਹਾਂ ਦੀ ਸਜ਼ਾ ਵਾਸਤੇ ਤਿਆਰ ਹਨ। ਗਿਆਨੀ ਰਘਬੀਰ ਸਿੰਘ ਨੇ ਇਹ ਪ੍ਰਤੀਕਰਮ ਇੱਕ ਵੀਡੀਓ ਸੁਨੇਹੇ ਰਾਹੀ ਜਾਰੀ ਕੀਤਾ। ਹਾਲ ਹੀ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਇਲਜ਼ਾਮ ਲਾਇਆ ਗਿਆ ਹੈ ਕਿ ਉਨ੍ਹਾਂ ਨੂੰ ਇੱਕ ਸਾਜਿਸ਼ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹ ਲਾਈ ਗਈ ਸੀ।
ਇਸ ਸਬੰਧੀ ਲਾਏ ਗਏ ਇਲਜ਼ਾਮਾਂ ‘ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਜਥੇਦਾਰ ਨੇ ਆਖਿਆ ਕਿ 2 ਦਸੰਬਰ 2024 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਤੇ ਸੰਗਤ ਦੀ ਹਾਜ਼ਰੀ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਲਾਈ ਗਈ ਤਨਖਾਹ ਨੂੰ ਸਾਜਿਸ਼ ਕਰਾਰ ਦੇਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪਰੰਪਰਾਵਾਂ ਅਤੇ ਮਰਿਆਦਾ ਦੀ ਘੋਰ ਉਲੰਘਣਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਉਸ ਦੇ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਿਸੇ ਵੀ ਤਰ੍ਹਾਂ ਦੀ ਨਿੱਜੀ ਰੰਜਿਸ਼ ਤਹਿਤ ਕੋਈ ਕਾਰਵਾਈ ਨਹੀਂ ਕੀਤੀ ਗਈ।
ਗਿਆਨੀ ਰਘਬੀਰ ਸਿੰਘ ਨੇ ਇਸ ਸਬੰਧ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕੋਈ ਵੀ ਦਿਨ ਤੈਅ ਕਰ ਲੈਣ ਅਤੇ ਆਪਣੇ ਪਰਿਵਾਰ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਅਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਲਾਏ ਗਏ ਆਪਣੇ ਦੋਸ਼ਾਂ ਨੂੰ ਸੰਗਤ ਦੇ ਸਾਹਮਣੇ ਸਾਬਤ ਕਰਨ।
ਜੇ ਉਹ ਲਾਏ ਦੋਸ਼ਾਂ ਨੂੰ ਸਾਬਤ ਕਰ ਦੇਣ ਤਾਂ ਉਹ ਪੰਥ ਵੱਲੋਂ ਪ੍ਰਵਾਨ ਕੀਤੀ ਕਿਸੇ ਵੀ ਸਜ਼ਾ ਨੂੰ ਖਿੜੇ ਮੱਥੇ ਕਬੂਲ ਕਰਨਗੇ।
ਦੱਸਣਯੋਗ ਹੈ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਤਨਖਾਹ ਲਾਉਣ ਵਾਲੇ ਸਾਰੇ ਪ੍ਰਮੁੱਖ ਜਥੇਦਾਰ ਇਸ ਵੇਲੇ ਆਪਣੇ ਉਨ੍ਹਾਂ ਅਹੁਦਿਆਂ ਤੇ ਨਹੀਂ ਰਹੇ ਹਨ।
ਗਿਆਨੀ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਜੋ 2 ਦਸੰਬਰ 2024 ਨੂੰ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਤਨਖਾਹ ਲਾਉਣ ਵਾਲੇ ਪੰਜ ਸਿੰਘ ਸਾਹਿਬਾਨ ਵਿੱਚ ਸ਼ਾਮਿਲ ਸਨ, ਇਸ ਵੇਲੇ ਆਪਣੇ ਇਹਨਾਂ ਅਹੁਦਿਆਂ ਤੋ ਫਾਰਗ ਕੀਤੇ ਜਾ ਚੁੱਕੇ ਹਨ।

 

RELATED ARTICLES
POPULAR POSTS