![](https://parvasinewspaper.com/wp-content/uploads/2017/03/SGPC-Bugdet-300x161.jpg)
ਸਿੱਖ ਧਰਮ ਤੇ ਗੁਰੂਆਂ ਬਾਰੇ ਗ਼ਲਤ ਪ੍ਰਚਾਰ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ: ਪ੍ਰੋ. ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 11 ਅਰਬ 6 ਕਰੋੜ 59 ਲੱਖ 98 ਹਜ਼ਾਰ 434 ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਗੁਰੂ ਗ੍ਰੰਥ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਨੇ ਬਜਟ ਪੇਸ਼ ਕੀਤਾ। ਇਸ ਉਪਰੰਤ ਹਾਲ ਵਿੱਚ ਮੌਜੂਦ ਸਾਰੇ ਮੈਂਬਰਾਂ ਨੇ ਜੈਕਾਰੇ ਲਾ ਕੇ ਬਜਟ ਨੂੰ ਪ੍ਰਵਾਨਗੀ ਦਿੱਤੀ।
ਹਾਲਾਂਕਿ ਸੁਖਦੇਵ ਸਿੰਘ ਭੌਰ ਸਮੇਤ ਕੁਝ ਮੈਂਬਰਾਂ ਵੱਲੋਂ ਇਸ ਗੱਲ ਦਾ ਵਿਰੋਧ ਕੀਤਾ ਗਿਆ ਕਿ ਚਾਵਲਾ ਨੇ ਪੂਰਾ ਬਜਟ ਪੜ੍ਹਨ ਦੀ ਬਜਾਏ ਅੱਧਾ ਬਜਟ ਪੜ੍ਹਨ ਤੋਂ ਬਾਅਦ ਹੀ ਮੈਂਬਰਾਂ ਨੂੰ ਇਹ ਕਿਹਾ ਕਿ ਬਜਟ ਦੀ ਕਾਪੀ ਸਾਰਿਆਂ ਦੇ ਕੋਲ ਪੁੱਜ ਚੁੱਕੀ ਹੈ। ਇਸ ਲਈ ਇਸ ਨੂੰ ਪ੍ਰਵਾਨਗੀ ਦਿੱਤੀ ਜਾਵੇ। ਇਸ ਵਾਰ ਪੇਸ਼ ਕੀਤਾ ਗਿਆ ਬਜਟ ਪਿਛਲੇ ਸਾਲ ਦੇ ਮੁਕਾਬਲੇ 88 ਕਰੋੜ 10 ਲੱਖ 6 ਹਜ਼ਾਰ ਦੇ ਵਾਧੇ ਵਾਲਾ ਹੈ। ਇਸ ਵਾਰ ਦੇ ਬਜਟ ਵਿੱਚ ਜਿੱਥੇ ਕੈਂਸਰ ਪੀੜਤਾਂ ਦੀ ਮਦਦ ਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਬਜਟ ਰੱਖਿਆ ਗਿਆ ਹੈ, ਉੱਥੇ ਹੀ ਸੋਸ਼ਲ ਮੀਡੀਆ ਲਈ ਵੀ ਖਾਸ ਬਜਟ ਰੱਖਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਸਿੱਖ ਧਰਮ ਤੇ ਗੁਰੂਆਂ ਬਾਰੇ ਗ਼ਲਤ ਪ੍ਰਚਾਰ ਕਰਨ ਵਾਲਿਆਂ ਲਈ ਸ਼੍ਰੋਮਣੀ ਕਮੇਟੀ ਵੱਖਰਾ ਆਈ.ਟੀ ਵਿੰਗ ਤਿਆਰ ਕਰੇਗੀ।
ਅਜਿਹੇ ਅਨਸਰਾਂ ਨੂੰ ਮੂੰਹ ਤੋੜ ਜਵਾਬ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਪਿਛਲੇ ਸਾਲਾਂ ਦੇ ਮੁਕਾਬਲੇ ਬਹੁਤ ਵਧ ਚੁੱਕੀ ਹੈ। ਇੱਥੇ ਇਹ ਵੀ ਗੌਰਤਲਬ ਹੈ ਕਿ ਪੂਰੀ ਦੁਨੀਆਂ ਤੋਂ ਹਰਿਮੰਦਰ ਸਾਹਿਬ ਆਉਣ ਵਾਲੇ ਲੋਕਾਂ ਵਿੱਚ 50 ਫੀਸਦੀ ਤੋਂ ਵੱਧ ਲੋਕ ਸਿੱਖ ਧਰਮ ਨਹੀਂ ਬਲਕਿ ਬਾਕੀ ਧਰਮਾਂ ਨਾਲ ਸਬੰਧਤ ਹਨ। ਇਨ੍ਹਾਂ ਸਾਰੇ ਧਰਮਾਂ ਦਾ ਸਤਿਕਾਰ ਕਰਦਿਆਂ ਇੱਥੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇਸ ਸਾਲ 1000 ਕਮਰਿਆਂ ਵਾਲੀ ਸਰਾਂ ਤਿਆਰ ਕੀਤੀ ਜਾਵੇਗੀ।
1984 ਵਿੱਚ ਹਰਿਮੰਦਰ ਸਾਹਿਬ ‘ਤੇ ਫੌਜ ਵੱਲੋਂ ਕੀਤੇ ਗਏ ਹਮਲੇ ਦੌਰਾਨ ਨੁਕਸਾਨੀ ਗਈ ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਮੁੜ ਸੁਰਜੀਤ ਕਰਨ ਲਈ ਵੀ ਮਤਾ ਪਾਸ ਕੀਤਾ ਗਿਆ। ਪ੍ਰੋ. ਬਡੂੰਗਰ ਨੇ ਕਿਹਾ ਕਿ 1984 ਵੇਲੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਮੌਜੂਦ ਲਾਇਬ੍ਰੇਰੀ ਦੀ ਤਰਜ਼ ‘ਤੇ ਹੀ ਭਾਈ ਗੁਰਦਾਸ ਹਾਲ ਵਿਖੇ ਨੈਸ਼ਨਲ ਸਿੱਖ ਰੈਫਰੈਂਸ ਲਾਇਬ੍ਰੇਰੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਖਰੜ ਦੇ ਪਿੰਡ ਘੜੂਆਂ ਵਿੱਚ ਸਰਬਲੋਹ ਬਰਤਨ ਬਣਾਉਣ ਵਾਲੇ ਪਰਿਵਾਰਾਂ ਦੀ ਮਦਦ ਤੇ ਗੁਰੂ ਸਾਹਿਬ ਦੇ ਸੁਨੇਹੇ ਨੂੰ ਅੱਗੇ ਤੋਰਨ ਲਈ ਉਸ ਪਰਿਵਾਰ ਵੱਲੋਂ ਬਣਾਏ ਗਏ ਸਾਰੇ ਬਰਤਨ ਸ਼੍ਰੋਮਣੀ ਕਮੇਟੀ ਵੱਲੋਂ ਖਰੀਦੇ ਜਾਣ ਦੇ ਮਤੇ ‘ਤੇ ਵੀ ਮੋਹਰ ਲਾਈ ਗਈ।
ਸ਼੍ਰੋਮਣੀ ਕਮੇਟੀ ਸਿੱਖ ਰੈਫਰੈਂਸ ਲਾਇਬ੍ਰੇਰੀ ਮੁੜ ਸਥਾਪਤ ਕਰੇਗੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਜੂਨ 1984 ਵਿੱਚ ਸਾਕਾ ਨੀਲਾ ਤਾਰਾ ਸਮੇਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਸਥਾਪਤ ਸਿੱਖ ਰੈਫਰੈਂਸ ਲਾਇਬ੍ਰੇਰੀ ਅੱਗ ਲੱਗਣ ਨਾਲ ਨੁਕਸਾਨੀ ਗਈ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁੜ ਨਵੇਂ ਸਿਰਿਓਂ ਕੰਪਲੈਕਸ ਤੋਂ ਬਾਹਰ ਭਾਈ ਗੁਰਦਾਸ ਹਾਲ ਦੀ ਇਮਾਰਤ ਨੇੜੇ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸਾਕਾ ਨੀਲਾ ਤਾਰਾ ਸਮੇਂ ਰੈਫਰੈਂਸ ਲਾਇਬ੍ਰੇਰੀ ਦੀ ਇਮਾਰਤ ਨੂੰ ਅੱਗ ਲੱਗ ਗਈ ਸੀ ਅਤੇ ਇਸ ਵਿੱਚ ਰੱਖਿਆ ਬੇਸ਼ਕੀਮਤੀ ਖਜ਼ਾਨਾ ਤਬਾਹ ਹੋ ਗਿਆ ਸੀ। ਇਸ ਦਾ ਬਚਿਆ ਹੋਇਆ ਸਾਮਾਨ ਉਸ ਵੇਲੇ ਫ਼ੌਜ ਬੋਰੀਆਂ ਵਿੱਚ ਭਰ ਕੇ ਆਪਣੇ ਨਾਲ ਲੈ ਗਈ ਸੀ। ਫ਼ੌਜੀ ਹਮਲੇ ਤੋਂ ਬਾਅਦ ਇੱਥੇ ਤਾਇਨਾਤ ਮਰਹੂਮ ਪੁਲਿਸ ਅਧਿਕਾਰੀ ਵੱਲੋਂ ਖੁਲਾਸਾ ਕੀਤਾ ਗਿਆ ਸੀ ਕਿ ਲਾਇਬ੍ਰੇਰੀ ਨੂੰ ਅੱਗ ਲੱਗਣ ਤੋਂ ਪਹਿਲਾਂ ਫ਼ੌਜ ਵੱਲੋਂ ਲਾਇਬ੍ਰੇਰੀ ਦਾ ਸਮੁੱਚਾ ਸਾਮਾਨ ਕੱਢ ਲਿਆ ਗਿਆ ਸੀ ਅਤੇ ਇਸ ਨੂੰ ਆਪਣੇ ਨਾਲ ਅਣਦੱਸੀ ਥਾਂ ‘ਤੇ ਲੈ ਗਈ ਸੀ। ਇਸ ਖ਼ਜ਼ਾਨੇ ਨੂੰ ਪ੍ਰਾਪਤ ਕਰਨ ਲਈ ਸ਼੍ਰੋਮਣੀ ਕਮੇਟੀ ਪਿਛਲੇ 33 ਸਾਲਾਂ ਤੋਂ ਯਤਨਸ਼ੀਲ ਹੈ। ਕੁਝ ਵਰ੍ਹੇ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦਬਾਅ ਕਾਰਨ ਕੇਂਦਰ ਸਰਕਾਰ ਵੱਲੋਂ ਕੁਝ ਦਸਤਾਵੇਜ਼ ਵਾਪਸ ਕੀਤੇ ਗਏ ਸਨ, ਜਿਨ੍ਹਾਂ ਵਿੱਚ ਕੁਝ ਅਖਬਾਰਾਂ ਅਤੇ ਹੋਰ ਸ਼ਾਮਲ ਸਨ ਜਦੋਂਕਿ ਅਹਿਮ ਖ਼ਜ਼ਾਨਾ ਹੁਣ ਤਕ ਵਾਪਸ ਨਹੀਂ ਮਿਲਿਆ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਕਈ ਰੱਖਿਆ ਮੰਤਰੀਆਂ, ਪ੍ਰਧਾਨ ਮੰਤਰੀਆਂ ਅਤੇ ਰਾਸ਼ਟਰਪਤੀ ਕੋਲ ਵੀ ਪਹੁੰਚ ਕੀਤੀ ਜਾ ਚੁੱਕੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਭਾਵੇਂ ਇਹ ਲਾਇਬ੍ਰੇਰੀ ਇਸ ਵੇਲੇ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਿਰਮਾ ਦੇ ਉਪਰ ਬਣੇ ਵਰਾਂਡਿਆਂ ਵਿੱਚ ਪਹਿਲਾਂ ਵਾਲੀ ਥਾਂ ‘ਤੇ ਚੱਲ ਰਹੀ ਹੈ ਪਰ ਸ਼੍ਰੋਮਣੀ ਕਮੇਟੀ ਇਸ ਨੂੰ ਵੱਡੇ ਪੱਧਰ ‘ਤੇ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਭਾਈ ਗੁਰਦਾਸ ਹਾਲ ਦੇ ਨਾਲ ਬਣੀ ਗੁਰੂ ਨਾਨਕ ਕੰਨਿਆ ਸਕੂਲ ਦੀ ਇਮਾਰਤ ਖਾਲੀ ਹੋ ਚੁੱਕੀ ਹੈ, ਜਿਸਦੀ ਥਾਂ ‘ਤੇ ਹੁਣ ਸਿੱਖ ਰੈਫਰੈਂਸ ਲਾਇਬ੍ਰੇਰੀ ਦੀ ਇਮਾਰਤ ਬਣਾਈ ਜਾਵੇਗੀ। ਇਸ ਵੇਲੇ ਮੌਜੂਦਾ ਰੈਫਰੈਂਸ ਲਾਇਬ੍ਰੇਰੀ ਵਿੱਚ 60 ਹਜ਼ਾਰ ਤੋਂ ਵੱਧ ਪੁਸਤਕਾਂ ਅਤੇ 500 ਤੋਂ ਵੱਧ ਹੱਥ ਲਿਖਤ ਸਰੂਪ ਇਕੱਠੇ ਕੀਤੇ ਜਾ ਚੁੱਕੇ ਹਨ। ਇਸ ਲਈ ਸ਼੍ਰੋਮਣੀ ਕਮੇਟੀ ਨੇ ਮੁੜ ਤੋਂ ਰੈਫਰੈਂਸ ਲਾਇਬ੍ਰੇਰੀ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਕੋਲੋਂ ਸਿੱਖ ਖਜ਼ਾਨੇ ਦੀ ਵਾਪਸੀ ਦੀ ਮੰਗ ਜਾਰੀ ਰੱਖੀ ਜਾਵੇਗੀ ਪਰ ਦੂਜੇ ਪਾਸੇ ਇਸ ਨੂੰ ਨਵੇਂ ਸਿਰੇ ਤੋਂ ਸਥਾਪਤ ਵੀ ਕੀਤਾ ਜਾਵੇਗਾ। ਦਿੱਲੀ ਕਮੇਟੀ ਵੱਲੋਂ ਸਿਰੋਪਾਓ ‘ਤੇ ਲਾਈ ਗਈ ਰੋਕ ਬਾਰੇ ਸ਼੍ਰੋਮਣੀ ਕਮੇਟੀ ਦਾ ਪੱਖ ਸਪੱਸ਼ਟ ਕਰਦਿਆਂ ਉਨ੍ਹਾਂ ਆਖਿਆ ਕਿ ਸਿਰੋਪਾਓ ਇਤਿਹਾਸਕ ਤੇ ਧਾਰਮਿਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਮਰਿਆਦਾ ਵਿਚ ਰਹਿ ਕੇ ਹੀ ਦਿੱਤੇ ਜਾਣਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਮੂਹ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ। ਪੰਥਕ ਮਾਮਲਿਆਂ ਸਬੰਧੀ ਵਿਵਾਦ ਬਾਰੇ ਗੱਲ ਕਰਦਿਆਂ ਆਖਿਆ ਕਿ ਉਹ ਅਜਿਹੇ ਮਾਮਲੇ ਹੱਲ ਕਰਨ ਦੇ ਇਛੁੱਕ ਹਨ ਅਤੇ ਉਨ੍ਹਾਂ ਧਿਰਾਂ ਨੂੰ ਗੱਲਬਾਤ ਦਾ ਸੱਦਾ ਵੀ ਦਿੱਤਾ ਹੈ। ਇਸ ਮੌਕੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਸਕੱਤਰ ਡਾ. ਰੂਪ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।