21.6 C
Toronto
Friday, July 10, 2026
spot_img
Homeਪੰਜਾਬਡਾ. ਨਵਜੋਤ ਕੌਰ ਸਿੱਧੂ ਵੱਲੋਂ 'ਭਾਰਤੀ ਰਾਸ਼ਟਰਵਾਦੀ ਪਾਰਟੀ' ਦਾ ਐਲਾਨ

ਡਾ. ਨਵਜੋਤ ਕੌਰ ਸਿੱਧੂ ਵੱਲੋਂ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਐਲਾਨ

ਪੰਜਾਬ ਨੂੰ ‘ਗੋਲਡਨ ਸਟੇਟ’ ਬਣਾਉਣ ਦਾ ਕੀਤਾ ਵਾਅਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਆਪਣੀ ਨਵੀਂ ਸਿਆਸੀ ਪਾਰਟੀ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਬਣਾਉਣ ਦਾ ਐਲਾਨ ਕਰ ਦਿੱਤਾ। ਅਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਏ ਗਏ ਇਸ ਫੈਸਲੇ ਨੇ ਸੂਬੇ ਦੇ ਸਿਆਸੀ ਸਮੀਕਰਨਾਂ ਨੂੰ ਗੁੰਝਲਦਾਰ ਬਣਾ ਦਿੱਤਾ ਹੈ। ਧਿਆਨ ਰਹੇ ਕਿ ਇਹ ਐਲਾਨ ਡਾ. ਸਿੱਧੂ ਦੇ ਕਾਂਗਰਸ ਵਿੱਚੋਂ ਮੁਅੱਤਲੀ ਦੇ ਮਹਿਜ਼ ਦੋ ਮਹੀਨੇ ਬਾਅਦ ਆਇਆ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਅਤੇ ਸੂਬਾ ਪ੍ਰਧਾਨ ਰਾਜਾ ਵੜਿੰਗ ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ। ਡਾ. ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਇਸ ਫੈਸਲੇ ਨੂੰ ‘ਰੱਬੀ ਫੁਰਮਾਨ’ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀ ਗੁਆਚੀ ਹੋਈ ਸ਼ਾਨ ਬਹਾਲ ਕਰਕੇ ਇਸ ਨੂੰ ਮੁੜ ‘ਸੁਨਹਿਰੀ ਰਾਜ’ ਬਣਾਉਣ ਲਈ ਕੰਮ ਕਰੇਗੀ। ਇਸ ਨਵੀਂ ਪਾਰਟੀ ਵਿਚ ਨਵਜੋਤ ਸਿੰਘ ਸਿੱਧੂ ਦੀ ਭੂਮਿਕਾ ਅਜੇ ਵੀ ਰਹੱਸ ਬਣੀ ਹੋਈ ਹੈ।
ਸਾਬਕਾ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿਚ ਮੀਡੀਆ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਆਪਣੀ ਨਵੀਂ ਪਾਰਟੀ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਏਜੰਡਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ ਅਤੇ ਸਾਡਾ ਮੁੱਖ ਮੁੱਦਾ ਕਿਸਾਨੀ ਹੀ ਹੋਵੇਗਾ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਨੂੰ ਅਫੀਮ ਦੀ ਖੇਤੀ ਕਰਨ ਦਿੱਤੀ ਜਾਵੇਗੀ ਅਤੇ ਸਰਕਾਰੀ ਦੇਖ ਰੇਖ ਹੇਠ ਅਫੀਮ ਦੀ ਖੇਤੀ ਹੋਵੇਗੀ। ਡਾ. ਨਵਜੋਤ ਕੌਰ ਸਿੱਧੂ ਨੇ ਵੱਡੀਆਂ ਸਿਆਸੀ ਪਾਰਟੀਆਂ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਵੱਡੀਆਂ ਪਾਰਟੀਆਂ ਵਿਚ ਚੋਣ ਲੜਨ ਲਈ ਪੈਸੇ ਦੀ ਜ਼ਰੂਰਤ ਹੁੰਦੀ ਹੈ, ਪਰ ਮੈਂ ਕਿਉਂ ਪੈਸੇ ਦਿਆਂਗੀ, ਮੈਂ ਆਪਣੇ ਪੈਸੇ ਨੂੰ ਹੋਰ ਉਦੇਸ਼ਾਂ ਲਈ ਵਰਤਣਾ ਪਸੰਦ ਕਰਾਂਗੀ। ਉਨ੍ਹਾਂ ਕਿਹਾ ਕਿ ਮੈਨੂੰ ਵਿਦੇਸ਼ਾਂ ਤੋਂ ਬਹੁਤ ਸਾਰੇ ਲੋਕਾਂ ਦੇ ਫੋਨ ਆ ਰਹੇ ਹਨ, ਜੋ ਮੇਰਾ ਸਮਰਥਨ ਕਰਨ ਲਈ ਤਿਆਰ ਹਨ।

RELATED ARTICLES
POPULAR POSTS