8.3 C
Toronto
Thursday, April 23, 2026
spot_img
HomeਕੈਨੇਡਾFrontਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ...

ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਪਿਸਤੌਲਾਂ ਸਮਤੇ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਕਸ਼ਮੀਰ ਐਵੇਨਿਊ,ਅੰਮ੍ਰਿਤਸਰ; ਅਰੁਣ ਕੁਮਾਰ ਉਰਫ਼ ਸਾਬੂ (26) ਵਾਸੀ ਨਾਰਾਇਣਗੜ੍ਹ, ਅੰਮ੍ਰਿਤਸਰ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ (29) ਵਾਸੀ ਰੇਹਾਨਾ ਜੱਟਾਂ, ਕਪੂਰਥਲਾ ਵਜੋਂ ਹੋਈ ਹੈ। ਬਰਾਮਦ ਕੀਤੀਆਂ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਪਿਸਤੌਲ, ਤਿੰਨ .32 ਬੋਰ ਅਤੇ ਦੋ .30 ਬੋਰ ਪਿਸਤੌਲਾਂ  ਸਮੇਤ ਸੱਤ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਖ਼ਰੀਦਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ,ਜੋ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਗੈਰ-ਕਾਨੂੰਨੀ ਹਥਿਆਰਾਂ ਨੂੰ ਆਪਣੇ ਸਥਾਨਕ ਹੈਂਡਲਰਾਂ ਰਾਹੀਂ ਖੇਤਰ ਵਿੱਚ ਸਪਲਾਈ ਕਰ  ਰਹੇ ਸਨ।  ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ  ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਮੁਕੰਮਲ ਰੂਪ ਵਿੱਖ ਖ਼ਾਤਮਾ ਕੀਤਾ ਜਾ  ਸਕੇ।

ਆਪੇ੍ਰਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਦੇ ਆਧਾਰ ’ਤੇ ਯੋਜਨਾਬੱਧ ਆਪ੍ਰੇਸ਼ਨ ਤਹਿਤ ਪੁਲਿਸ ਟੀਮਾਂ ਨੇ ਕਾਰਵਾਈ ਕਰਦਿਆਂ ਪਹਿਲਾਂ ਦੀਪਕ ਉਰਫ਼ ਦੀਪੂ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਬਾਅਦ ਵਿੱਚ ਉਸਦੀ ਨਿਸ਼ਾਨਦੇਹੀ ’ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਅੱਗੇ ਦੱਸਿਆ ਕਿ ਦੀਪਕ ਦੇ ਖੁਲਾਸੇ ’ਤੇ, ਉਸਦੇ ਦੋ ਹੋਰ ਸਾਥੀਆਂ ਅਰੁਣ ਉਰਫ਼ ਸਾਬੂ ਅਤੇ ਸੁਖਜਿੰਦਰ ਉਰਫ਼ ਸੁੱਖਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ ਬਰਾਮਦ ਕੀਤੇ ਗਏ।

ਸੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਇਹ ਗੈਰ-ਕਾਨੂੰਨੀ ਹਥਿਆਰ  ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਲਈ ਖ਼ਰੀਦੇ ਸਨ, ਜਿਸਨੂੰ ਪੁਲਿਸ ਦੀ ਮੁਸਤੈਦ ਕਾਰਵਾਈ ਨੇ ਸਫਲਤਾਪੂਰਵਕ ਟਾਲ਼ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਦੀਪਕ ਉਰਫ਼ ਦੀਪੂ ਅਤੇ ਅਰੁਣ ਉਰਫ਼ ਸਾਬੂ ਦੀ, ਪਹਿਲਾਂ ਵੀ ਇਰਾਦਾ ਕਤਲ , ਚੋਰੀ ਅਤੇ ਹੋਰ ਗੰਭੀਰ ਅਪਰਾਧਾਂ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਮੂਲੀਅਤ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 61 ਮਿਤੀ 04-04-2026 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

RELATED ARTICLES
POPULAR POSTS