
ਕਿਹਾ : ਇਰਾਨ ਦੇ ਨਾਲ ਕੋਈ ਜਲਦਬਾਜ਼ੀ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਈਟ ਹਾਊਸ ਵਿਚ ਇਜ਼ਰਾਈਲ ਅਤੇ ਲਿਬਨਾਨ ਦੇ ਰਾਜਦੂਤ ਪੱਧਰ ਦੀ ਦੂਜੀ ਗੱਲਬਾਤ ਦੇ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਜੰਗਬੰਦੀ ਨੂੰ ਤਿੰਨ ਹਫਤਿਆਂ ਲਈ ਵਧਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸ਼ੋਸ਼ਲ ਮੀਡੀਆ ’ਤੇ ਦੱਸਿਆ ਕਿ ਉਹ ਜਲਦ ਹੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਲਿਬਨਾਨ ਦੇ ਰਾਸ਼ਟਰਪਤੀ ਜੋਸੇਫ ਆਓਨ ਨੂੰ ਵਾਈਟ ਹਾਊਸ ਬੁਲਾਉਣ ਦੀ ਯੋਜਨਾ ਬਣਾ ਰਹੇ ਹਨ। ਇਰਾਨ ਦੇ ਨਾਲ ਸਮਝੌਤੇ ਨੂੰ ਲੈ ਕੇ ਟਰੰਪ ਨੇ ਕਿਹਾ ਕਿ ਕੋਈ ਵੀ ਡੀਲ ਉਦੋਂ ਹੋਵੇਗੀ ਜਦੋਂ ਉਹ ਅਮਰੀਕਾ ਦੇ ਹਿੱਤ ਵਿਚ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿਚ ਕੋਈ ਤੈਅ ਸਮਾਂ ਸੀਮਾ ਨਹੀਂ ਹੈ ਅਤੇ ਉਹ ਜਲਦਬਾਜ਼ੀ ਵਿਚ ਫੈਸਲਾ ਨਹੀਂ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਇਰਾਨ ਦੇ ਖਿਲਾਫ ਪਰਮਾਣੂ ਹਥਿਆਰਾਂ ਦਾ ਇਸਤੇਮਾਲ ਨਹੀਂ ਕੀਤਾ ਜਾਵੇਗਾ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਤਿੰਨ ਹਫਤਿਆਂ ਦੀ ਜੰਗਬੰਦੀ ਖਿੱਤੇ ਵਿੱਚ ਵਧ ਰਹੇ ਤਣਾਅ ਨੂੰ ਘੱਟ ਕਰਨ ਲਈ ਇੱਕ ਮਹੱਤਵਪੂਰਨ ਕਦਮ ਹੈ।

