
ਪੰਜਾਬ ਦਾ ਭਲਕੇ 1 ਮਈ ਨੂੰ ਹੈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਭਲਕੇ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਪੰਜਾਬ ਭਾਜਪਾ ਵੱਲੋਂ ਚੰਡੀਗੜ੍ਹ ਵਿੱਚ ‘ਜਨਤਾ ਦੀ ਵਿਧਾਨ ਸਭਾ’ ਲਗਾਈ ਜਾਵੇਗੀ। ਇਸ ਗੱਲ ਦੀ ਪੁਸ਼ਟੀ ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸੈਸ਼ਨ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ ਦਫਤਰ ਦੇ ਬਾਹਰ 1 ਮਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੂਬੇ ਦੀ ਭਲਾਈ ਦੀ ਬਜਾਏ ਆਪਣੀ ਪਾਰਟੀ ਦੇ ਹਿੱਤਾਂ ਲਈ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਪੀਕਰ ਆਪਣਾ ਫਰਜ਼ ਤੇ ਮਾਣ-ਮਰਿਆਦਾ ਭੁੱਲ ਜਾਵੇ ਅਤੇ ਹਾਕਮ ਧਿਰ ਲੋਕਾਂ ਦੀ ਆਵਾਜ਼ ਦਾ ਮਖੌਲ ਉਡਾਉਣ ਲੱਗ ਜਾਵੇ ਤਾਂ ਜਨਤਾ ਦੀ ਵਿਧਾਨ ਸਭਾ ਲਗਾਉਣੀ ਜ਼ਰੂਰੀ ਹੈ, ਜਿੱਥੇ ਪੰਜਾਬ ਦੇ ਮੁੱਦਿਆਂ ਨੂੰ ਵਿਚਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਜਨਤਾ ਦੀ ਵਿਧਾਨ ਸਭਾ ਵਿੱਚ ਲੋਕਾਂ ਦੇ ਅਸਲ ਮੁੱਦਿਆਂ ਨੂੰ ਚੁੱਕਿਆ ਜਾਵੇਗਾ।

